ਜਲੰਧਰ— ਪੰਜਾਬ 'ਚ ਜਿੱਥੇ ਮੁਕਾਬਲਿਆਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਉਥੇ ਹੀ ਇਕ ਵਾਰ ਫਿਰ ਜਲੰਧਰ 'ਚ ਪੁਲਸ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਾਹਕੋਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸੂਚਨਾ ਮਿਲਣ 'ਤੇ ਪੁਲਿਸ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਜਵਾਬੀ ਗੋਲੀਬਾਰੀ 'ਚ ਇਕ ਬਦਮਾਸ਼ ਸੁਖਰਾਜ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਦਕਿ 2 ਭੱਜਣ 'ਚ ਕਾਮਯਾਬ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਬਦਮਾਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਫਰਾਰ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਤਿੰਨੋਂ ਬਦਮਾਸ਼ ਕਤਲ, ਡਕੈਤੀ, ਫਾਇਰਿੰਗ ਦੇ ਮਾਮਲੇ 'ਚ ਲੋੜੀਂਦੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਹਰਕਮਲਪ੍ਰੀਤ ਖੱਖ ਨੇ ਦੱਸਿਆ ਕਿ ਸ਼ਾਹਕੋਟ ਪੈਟਰੋਲ ਪੰਪ ਮਾਲਕ ਦੀ ਕਾਰ 'ਤੇ ਫਾਇਰਿੰਗ ਕਰਨ ਵਾਲੇ ਇਨ੍ਹਾਂ ਬਦਮਾਸ਼ਾਂ ਦਾ ਨਾਮ ਸੀ। ਸ਼ਾਹਕੋਟ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਸੁਖਰਾਜ ਸਿੰਘ ਵਾਸੀ ਰੇਡਵਾ ਆਪਣੇ ਸਾਥੀਆਂ ਨਾਲ ਸ਼ਾਹਕੋਟ ਦੇ ਪਿੰਡ ਕੱਕੜਕਲਾਂ ਨੇੜੇ ਦੇਖਿਆ ਗਿਆ ਹੈ। ਪੁਲਿਸ ਨੇ ਤੁਰੰਤ ਬਦਮਾਸ਼ਾਂ ਦਾ ਪਿੱਛਾ ਕੀਤਾ ਅਤੇ ਨਾਕਾਬੰਦੀ ਕੀਤੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਈਆਂ ਅਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪੁਲਿਸ ਨੇ ਮੌਕੇ ਤੋਂ ਦੋ ਲਗਜ਼ਰੀ ਵਾਹਨ ਅਤੇ ਹਥਿਆਰ ਬਰਾਮਦ ਕੀਤੇ ਹਨ।

