ਅੰਮ੍ਰਿਤਸਰ: ਪੰਜਾਬ 'ਚ ਹਰ ਰੋਜ਼ ਗੋਲੀਬਾਰੀ ਦੀਆਂ ਖਬਰਾਂ ਆ ਰਹੀਆਂ ਹਨ। ਇਸ ਦੌਰਾਨ ਹੁਣ ਅੰਮ੍ਰਿਤਸਰ 'ਚ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਅਚਾਨਕ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ।
ਦਰਅਸਲ, 5 ਅਣਪਛਾਤੇ ਨੌਜਵਾਨਾਂ ਨੇ ਇੱਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਰਾਮ ਸ਼ਰਨ ਦੀ ਕਾਫੀ ਸਮਾਂ ਪਹਿਲਾਂ ਕੁਝ ਨੌਜਵਾਨਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅੱਜ ਜਦੋਂ ਉਸ ਦਾ ਬੇਟਾ ਅਕਾਸ਼ਦੀਪ ਗੁਨੋਵਾਲ ਰੋਡ 'ਤੇ ਸ਼ਮਸ਼ਾਨਘਾਟ ਨੇੜੇ ਜਾ ਰਿਹਾ ਸੀ ਤਾਂ 5 ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਨੌਜਵਾਨ ਅਕਾਸ਼ਦੀਪ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।