ਪੰਜਾਬ ਵਿੱਚ ਰਜਿਸਟਰੀਆਂ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਸਬ-ਰਜਿਸਟਰਾਰ ਦਫ਼ਤਰ, ਫਰਦ ਸੈਂਟਰ ਅਤੇ ਵੱਖ-ਵੱਖ ਸ਼ਾਖਾਵਾਂ ਦੇ ਕੰਮਾਂ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦਾ ਨਿਰੀਖਣ ਕਰਦਿਆਂ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਮੇਂ ਖਰੀਦਦਾਰ ਅਤੇ ਵਿਕਰੇਤਾ ਦੋਵਾਂ ਦੀ ਮੌਜੂਦਗੀ ਲਾਜ਼ਮੀ ਕੀਤੀ ਜਾਵੇ ਅਤੇ ਸੀਸੀਟੀਵੀ ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ।
ਫਰਦ ਸੈਂਟਰ ਦਾ ਨਿਰੀਖਣ ਕਰਨ ਦੌਰਾਨ ਉਨ੍ਹਾਂ ਹੁਕਮ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਨ ਦਿੱਤੇ ਜਾਣ ਅਤੇ ਕੰਮ ਸਮੇਂ ਸਿਰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਨਿਯੁਕਤੀ ਨੂੰ ਲੰਬਿਤ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਨਾਲ ਚੰਗਾ ਵਿਵਹਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ, ਪੀਣ ਵਾਲੇ ਪਾਣੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਰਜਿਸਟਰੀ ਬ੍ਰਾਂਚ ਦਾ ਵੀ ਦੌਰਾ ਕੀਤਾ ਅਤੇ ਇਸ ਦਾ ਨਿਰੀਖਣ ਵੀ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਪ੍ਰੇਸ਼ਾਨੀ ਮੁਕਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਪਾਈਆਂ ਗਈਆਂ ਛੋਟੀਆਂ-ਮੋਟੀਆਂ ਕਮੀਆਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ।