ਬਟਾਲਾ: ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਤਾਇਨਾਤ ਸਬ-ਇੰਸਪੈਕਟਰ ਪਲਵਿੰਦਰ ਸਿੰਘ ਵੱਲੋਂ ਫੋਨ 'ਤੇ ਰਿਸ਼ਵਤ ਮੰਗਦੇ ਹੋਏ ਕਥਿਤ ਤੌਰ 'ਤੇ ਇਕ ਆਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਵਿਚ ਉਕਤ ਸਬ-ਇੰਸਪੈਕਟਰ ਇਕ ਕੇਸ ਸੁਲਝਾਉਣ ਲਈ ਦੋਸ਼ੀਆਂ ਤੋਂ ਰਿਸ਼ਵਤ ਦੀ ਮੰਗ ਕਰਦੇ ਹੋਏ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰ ਰਿਹਾ ਹੈ। ਆਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆਇਆ ਅਤੇ ਉਕਤ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਪਨ ਕੁਮਾਰ ਡੀ.ਐਸ.ਪੀ. ਫਤਹਿਗੜ੍ਹ ਚੂੜੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਬ-ਇੰਸਪੈਕਟਰ ਪਲਵਿੰਦਰ ਸਿੰਘ ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਤਾਇਨਾਤ ਸੀ, ਜੋ ਕਿ ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਦਰਜ ਮੁਕੱਦਮਾ ਨੰਬਰ 18/2025 ਦਾ ਜਾਂਚ ਅਧਿਕਾਰੀ ਸੀ, ਜਿਸ ਵਿਚ ਉਕਤ ਸਬ-ਇੰਸਪੈਕਟਰ ਕਥਿਤ ਦੋਸ਼ੀ ਤੋਂ ਮਾਮਲੇ ਨੂੰ ਸੁਲਝਾਉਣ ਲਈ ਫੋਨ 'ਤੇ ਪੈਸੇ ਦੀ ਮੰਗ ਕਰ ਰਿਹਾ ਸੀ, ਜਿਸ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਉਕਤ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਅਤੇ ਉਸ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ।

