ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਟਿਮੋਵਾਲ 'ਚ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਨੇ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ 'ਤੇ ਦਿਨ-ਦਿਹਾੜੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਕਾਰਨ ਬਾਜ਼ਾਰ 'ਚ ਹਫੜਾ-ਦਫੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੁਖਦੇਵ ਸਿੰਘ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲੇ ਵੀ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਜੰਡਿਆਲਾ ਗੁਰੂ ਇਲਾਕੇ 'ਚ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕ ਡਰ 'ਚ ਰਹਿਣ ਲਈ ਮਜਬੂਰ ਹਨ। ਇੰਝ ਜਾਪਦਾ ਹੈ ਕਿ ਇਸ ਇਲਾਕੇ 'ਚ ਬੇਖੌਫ ਹੋ ਕੇ ਗੁੰਡਾਗਰਦੀ ਚੱਲ ਰਹੀ ਹੈ ਅਤੇ ਅਪਰਾਧੀ ਸ਼ਰੇਆਮ ਫਾਇਰਿੰਗ ਕਰ ਰਹੇ ਹਨ, ਜਦਕਿ ਪੁਲਸ ਪ੍ਰਸ਼ਾਸਨ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕੋਈ ਸਖਤ ਕਾਰਵਾਈ ਨਹੀਂ ਕਰ ਪਾ ਰਿਹਾ ਹੈ।
ਜ਼ਖਮੀ ਵਿਅਕਤੀ ਦੇ ਰਿਸ਼ਤੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਕੰਮ 'ਤੇ ਜਾ ਰਿਹਾ ਸੀ ਕਿ ਅਚਾਨਕ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਇਨਸਾਫ ਦਿੱਤਾ ਜਾਵੇ।