ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸ ਦੇ ਸਾਥੀ ਗੁਰਜੀਤ ਸਿੰਘ ਨੂੰ ਕਥਿਤ ਤੌਰ 'ਤੇ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਰਾਜਪੂਤਾਂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ (ਏਜੰਟ) ਨੇ ਸ਼ਿਕਾਇਤਕਰਤਾ ਦੀ ਜ਼ਮੀਨ ਨਾਲ ਸਬੰਧਤ 'ਜਮਾਬੰਦੀ' ਰਿਕਾਰਡ ਵਿੱਚ ਸੋਧ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਪਟਵਾਰੀ ਅਤੇ ਉਸਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।