ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਜਾਣ ਵਾਲੇ ਮਰੀਜ਼ਾਂ ਲਈ ਬਹੁਤ ਖਾਸ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੀ ਲਿਖਤ ਪੜ੍ਹਨ 'ਚ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਚੰਡੀਗੜ੍ਹ ਪੀਜੀਆਈ ਇਕ ਨਵਾਂ ਫਾਰਮੂਲਾ ਲਿਆਉਣ ਜਾ ਰਿਹਾ ਹੈ, ਜਿਸ ਦੇ ਤਹਿਤ ਮਰੀਜ਼ਾਂ ਨੂੰ ਦਵਾਈਆਂ ਅਤੇ ਮੈਡੀਕਲ ਹਿਸਟਰੀ ਬਾਰੇ ਜਾਣਕਾਰੀ ਹਾਸਲ ਕਰਨ 'ਚ ਵੱਡੀ ਰਾਹਤ ਮਿਲੇਗੀ।
ਦਰਅਸਲ, ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਪੀ.ਜੀ.ਆਈ. ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡਾਕਟਰ ਦੁਆਰਾ ਤਜਵੀਜ਼ ਕੀਤੀਆਂ ਦਵਾਈਆਂ ਅਤੇ ਡਾਕਟਰੀ ਇਤਿਹਾਸ ਨੂੰ ਸਮਝਣ ਦਾ ਅਧਿਕਾਰ ਹੈ। ਅੱਜ ਦੇ ਤਕਨੀਕੀ ਯੁੱਗ ਵਿੱਚ ਇਹ ਜ਼ਰੂਰੀ ਹੋ ਗਿਆ ਹੈ। ਅਦਾਲਤ ਨੇ ਕਿਹਾ ਹੈ ਕਿ ਆਪਣੀ ਸਿਹਤ ਅਤੇ ਇਲਾਜ ਬਾਰੇ ਜਾਗਰੂਕ ਹੋਣਾ ਕਿਸੇ ਵੀ ਵਿਅਕਤੀ ਦਾ ਬੁਨਿਆਦੀ ਅਧਿਕਾਰ ਹੈ। ਚੰਡੀਗੜ੍ਹ ਪੀ.ਜੀ.ਆਈ.ਐਮ.ਈ.ਆਰ ਪ੍ਰਸ਼ਾਸਨ ਜਲਦੀ ਹੀ ਆਪਣੇ ਫੈਕਲਟੀ ਅਤੇ ਹੋਰ ਹਿੱਤਧਾਰਕਾਂ ਨਾਲ ਮੀਟਿੰਗ ਕਰੇਗਾ ਤਾਂ ਜੋ ਡਾਕਟਰਾਂ ਦੀ ਲਿਖਤ ਪੜ੍ਹਨਯੋਗ ਬਣਾਈ ਜਾ ਸਕੇ। ਮਾਮਲੇ ਦੀ ਸੁਣਵਾਈ ਦੌਰਾਨ ਪੀਜੀਆਈ ਨੇ ਇਕ ਹਫਤੇ ਦਾ ਸਮਾਂ ਮੰਗਿਆ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਠੋਸ ਫਾਰਮੂਲਾ ਤਿਆਰ ਕੀਤਾ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ।