ਅੰਮ੍ਰਿਤਸਰ: 32 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ 'ਚ ਅਦਾਲਤ ਨੇ ਪਰਿਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਸੀਬੀਆਈ ਅਦਾਲਤ ਨੇ ਤਰਨ ਤਾਰਨ ਵਿੱਚ ਦੋ ਨੌਜਵਾਨਾਂ ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਇੱਕ ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ ਅਤੇ ਇੱਕ ਹੋਰ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ 32 ਸਾਲ ਪਹਿਲਾਂ ਤਰਨ ਤਾਰਨ ਦੇ ਪੱਟੀ 'ਚ ਫਰਜ਼ੀ ਮੁਕਾਬਲੇ ਦੌਰਾਨ ਦੋ ਨੌਜਵਾਨ ਮਾਰੇ ਗਏ ਸਨ, ਜਿਸ ਤੋਂ ਬਾਅਦ ਜਾਂਚ 'ਚ ਸਾਹਮਣੇ ਆਇਆ ਕਿ ਇਹ ਮੁਕਾਬਲਾ ਫਰਜ਼ੀ ਸੀ। ਇਸ ਦੇ ਨਾਲ ਹੀ ਇਸ ਮਾਮਲੇ 'ਚ ਅਦਾਲਤ ਨੇ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ ਵੱਡਾ ਫੈਸਲਾ ਸੁਣਾਇਆ ਹੈ। ਦੋਸ਼ੀਆਂ ਵਿੱਚ ਤਰਨ ਤਾਰਨ ਦੇ ਪੱਟੀ ਵਿੱਚ ਤਾਇਨਾਤ ਤਤਕਾਲੀ ਪੁਲਿਸ ਅਧਿਕਾਰੀ ਸੀਤਾ ਰਾਮ ਅਤੇ ਐਸਐਚਓ ਪੱਟੀ ਰਾਜ ਪਾਲ ਸ਼ਾਮਲ ਹਨ, ਜਿਨ੍ਹਾਂ ਨੂੰ ਅੱਜ ਅਦਾਲਤ ਨੇ ਸਜ਼ਾ ਸੁਣਾਈ ਹੈ। ਐਸਐਚਓ ਸੀਤਾ ਰਾਮ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਉਸ ਦੇ ਸਾਥੀ ਕਾਂਸਟੇਬਲ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ।
32 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ 'ਚ ਉਕਤ ਪੁਲਸ ਮੁਲਾਜ਼ਮਾਂ ਨੇ ਦੋ ਲੋਕਾਂ ਦਾ ਫਰਜ਼ੀ ਮੁਕਾਬਲਾ ਕੀਤਾ ਸੀ। ਮ੍ਰਿਤਕਾਂ ਦੀ ਪਛਾਣ ਗੁਰਦੇਵ ਸਿੰਘ ਅਤੇ ਸੁਖਦੇਵ ਸਿੰਘ ਤਰਨ ਤਾਰਨ ਵਜੋਂ ਹੋਈ ਹੈ, ਜਿਨ੍ਹਾਂ ਨੂੰ 6 ਫਰਵਰੀ 1993 ਨੂੰ ਥਾਣਾ ਪੱਟੀ ਦੇ ਭਾਗੂਪੁਰ ਇਲਾਕੇ ਵਿੱਚ ਇੱਕ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 11 ਪੁਲਿਸ ਮੁਲਾਜ਼ਮਾਂ 'ਤੇ ਉਕਤ ਨੌਜਵਾਨਾਂ ਨੂੰ ਜ਼ਬਰਦਸਤੀ ਅਗਵਾ ਕਰਨ ਅਤੇ ਨਾਜਾਇਜ਼ ਹਿਰਾਸਤ ਵਿੱਚ ਰੱਖਣ ਦਾ ਦੋਸ਼ ਲਗਾਇਆ ਗਿਆ ਸੀ। 1995 ਵਿੱਚ ਸੀਬੀਆਈ ਨੇ ਚਾਰਜਸ਼ੀਟ ਦਾਇਰ ਕੀਤੀ। ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ ਅਤੇ ਹੁਣ ਜਾਂਚ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਵਿੱਚ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਉਂਦਿਆਂ ਸਖ਼ਤ ਸਜ਼ਾ ਸੁਣਾਈ ਹੈ।