ਬਠਿੰਡਾ: ਸ਼ਹਿਰ ਦੇ ਮਾਡਲ ਟਾਊਨ ਦੇ ਪੌਸ਼ ਇਲਾਕੇ 'ਚ ਇਕ ਵੱਡੀ ਘਟਨਾ ਵਾਪਰੀ ਹੈ। ਮੰਗਲਵਾਰ ਨੂੰ ਤਿੰਨ ਨਕਾਬਪੋਸ਼ ਲੁਟੇਰੇ ਮਾਡਲ ਟਾਊਨ ਦੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਇੱਕ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਲੁਟੇਰਿਆਂ ਕੋਲ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ, ਜਿਨ੍ਹਾਂ ਦੇ ਦਮ 'ਤੇ ਲੁੱਟ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਘਰ 'ਚੋਂ 1 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਨਾਲ ਹੀ ਜ਼ਬਰਦਸਤੀ 5 ਲੱਖ ਰੁਪਏ ਦਾ ਚੈੱਕ ਭਰ ਕੇ ਦਸਤਖਤ ਕਰਵਾ ਦਿੱਤੇ।
ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਸਿਟੀ ਨਰਿੰਦਰ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਭਾਜਪਾ ਨੇਤਾ ਰਾਜ ਕੁਮਾਰ ਨੇ ਵੀ ਮੌਕੇ 'ਤੇ ਪਹੁੰਚ ਕੇ ਕਿਹਾ ਕਿ ਜੇਕਰ ਅਜਿਹੀਆਂ ਘਟਨਾਵਾਂ ਕਿਸੇ ਪੌਸ਼ ਇਲਾਕੇ 'ਚ ਹੋ ਰਹੀਆਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ ਉੱਠਦਾ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ।

