ਤਲਵੰਡੀ ਸਾਬੋ : ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਦੌਰਾਨ ਖੰਭੇ 'ਚ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਮਾਮੂਲੀ ਜ਼ਖਮੀ ਹੋ ਗਏ। ਤਲਵੰਡੀ ਸਾਬੋ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਜਾਣਕਾਰੀ ਮੁਤਾਬਕ ਜੋੜ ਮੇਲੇ 'ਚ ਸ਼ਰਧਾਲੂਆਂ ਦੀ ਸਹੂਲਤ ਲਈ ਲੋਹੇ ਦੇ ਖੰਭਿਆਂ 'ਤੇ ਪੱਖੇ ਲਗਾਏ ਗਏ ਹਨ, ਜਦੋਂ ਅਚਾਨਕ ਇਕ ਖੰਭੇ 'ਚ ਕਰੰਟ ਵਹਿ ਗਿਆ, ਜਿਸ ਕਾਰਨ 3 ਸ਼ਰਧਾਲੂ ਇਸ 'ਚ ਫਸ ਗਏ। ਤਿੰਨਾਂ ਨੂੰ ਤੁਰੰਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਕ ਸ਼ਰਧਾਲੂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਦਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਸੂਚਨਾ ਮਿਲਦੇ ਹੀ ਤਲਵੰਡੀ ਸਾਬੋ ਥਾਣਾ ਮੁਖੀ ਪਰਵਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਸੂਰਤੀਆ ਦੇ ਵਸਨੀਕ ਭਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਦੀ ਪਛਾਣ ਸਤਪਾਲ ਸਿੰਘ ਅਤੇ ਕੁਲਵੀਰ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

