ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਦੇ ਕੇਸ ਸਾਹਮਣੇ ਆਏ ਹਨ। ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਾਕਸੀ ਸਵਾਹਨੀ ਵੱਲੋਂ ਸਿਹਤ ਵਿਭਾਗ ਦੇ ਨਾਲ ਡੇਂਗੂ ਅਤੇ ਚਿਕਨਗੁਨਿਆ ਨੂੰ ਕਿਵੇਂ ਰੋਕਿਆ ਜਾਵੇ ਇਸ ਬਾਰੇ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹਾਟਸਪੌਟ ਖੇਤਰਾਂ ਵਿੱਚ ਫੋਗਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਚੌਕੰਨਾ ਰਹਿਣ ਦੇ ਵੀ ਨਿਰਦੇਸ਼ ਦਿੱਤੇ।
ਸਹਾਇਕ ਸਿਵਲ ਸਰਜਨ ਰਜਿੰਦਰਪਾਲ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੇਂਗੂ ਦੇ 4 ਕੇਸ ਅਤੇ ਚਿਕਨਗੁਨਿਆ ਦੇ 11 ਕੇਸ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਹਾਟਸਪੌਟ ਖੇਤਰਾਂ ਵਿੱਚ ਫੋਗਿੰਗ ਲਈ ਟੀਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਸਿਹਤ ਵਿਭਾਗ ਵੱਲੋਂ ਆਮ ਜਨਤਾ ਵਿੱਚ ਜਾਗਰੂਕਤਾ ਵਧਾਉਣ ਲਈ ਵੀ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ।