ਚੰਡੀਗੜ੍ਹ, 21 ਮਈ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਕਾਨੂੰਨ-ਵਿਵਸਥਾ ਦੀ ਸਮੀਖਿਆ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਯੂਟਿਊਬ ਚੈਨਲਾਂ 'ਤੇ ਆ ਰਹੀ ਇਤਰਾਜ਼ਯੋਗ ਸਮੱਗਰੀ ਦੀ ਜਾਂਚ ਕੀਤੀ ਜਾਵੇ ਅਤੇ ਜੇ ਲੋੜ ਪਵੇ ਤਾਂ ਸਖ਼ਤ ਕਾਰਵਾਈ ਵੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਰਾਜ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਟੀਮ ਵਜੋਂ ਕੰਮ ਕਰਦੇ ਹੋਏ ਅਪਰਾਧ ਅਤੇ ਅਪਰਾਧੀਆਂ ਦਾ ਢੁੰਗ ਨਾਲ ਖਾਤਮਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦਾ ਟੀਚਾ ਹਰਿਆਣਾ ਨੂੰ ਜ਼ੀਰੋ ਕ੍ਰਾਈਮ ਸਟੇਟ ਬਣਾਉਣਾ ਹੈ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਡੀਜੀਪੀ ਸ਼ਤਰੂਜੀਤ ਕਪੂਰ, ਜੇਲ੍ਹਾਂ ਦੇ ਡੀਜੀ ਮੁਹੰਮਦ ਅਕੀਲ, ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਡਾਇਰੈਕਟਰ ਓਪੀ ਸਿੰਘ, ਏਡੀਜੀਪੀ ਸੌਰਭ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ।

