ਮਾਨਸਾ, 4 ਮਈ : ਮਾਨਸਾ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਵਿੱਚ 26 ਸਾਲਾ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਭੇਜ ਦਿੱਤਾ ਹੈ।
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਕੁਝ ਵਿਅਕਤੀਆਂ ਵੱਲੋਂ 4 ਦਿਨ ਪਹਿਲਾਂ ਉਸ ਨੂੰ ਤੂੜੀ ਪਾਉਣ ਲਈ ਬੁਲਾਇਆ ਗਿਆ ਸੀ ਪਰ ਪੈਸਿਆਂ ਦੇ ਲੈਣ-ਦੇਣ ਕਾਰਨ ਮੁੰਡੇ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ। ਸਥਾਨਕ ਲੋਕਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਹੀਂ ਬਚਾ ਸਕੇ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ।
ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੂੰ 1 ਮਈ ਨੂੰ ਸੂਚਨਾ ਮਿਲੀ ਸੀ ਕਿ 4 ਲੋਕ ਨਹਿਰ ‘ਤੇ ਨਹਾਉਣ ਗਏ ਸੀ ਜਿਨ੍ਹਾਂ ਵਿੱਚੋਂ ਇੱਕ ਨਹਿਰ ਵਿੱਚ ਡੁੱਬ ਗਿਆ ਹੈ। ਅੱਜ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਹੈ। ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਨੌਜਵਾਨ ਨੂੰ ਧੱਕਾ ਮਾਰ ਕੇ ਨਹਿਰ ਵਿੱਚ ਸੁੱਟਿਆ ਗਿਆ ਹੈ। ਨੌਜਵਾਨ ਦੀ ਮਾਂ ਦੇ ਬਿਆਨ ਦੇ ਅਧਾਰ ‘ਤੇ ਝੁਨੀਰ ਥਾਣਾ ਵੱਲੋਂ ਜਾਂਚ ਕੀਤੀ ਜਾ ਰਹੀ ਹੈ।