ਜਲੰਧਰ, 28 ਜੂਨ 2025- ਜਲੰਧਰ ਦੇ ਪਿੰਡ ਗਾਜ਼ੀ ਗਡਾਣਾ ਨੇੜੇ ਅੱਜ ਸਵੇਰੇ ਲਗਭਗ 5 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਅਤੇ ਪਿਕਅੱਪ ਗੱਡੀ ਵਿਚ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਉਲਟ ਗਏ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 17 ਹੋਰ ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ ਹਨ।
ਦੁਰਘਟਨਾ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮਚ ਗਿਆ। ਸਥਾਨਕ ਨਿਵਾਸੀਆਂ ਨੇ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ। ਢਿਲਵਾਂ ਥਾਣੇ ਦੇ ਐਸਐਚਓ ਦਵਿੰਦਰ ਬੀਰ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਨਜਦੀਕੀ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੁੱਢਲੀ ਜਾਂਚ ਅਨੁਸਾਰ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਡਰਾਈਵਰ ਵਲੋਂ ਸਾਵਧਾਨੀ ਨਾ ਵਰਤਣ ਕਾਰਨ ਹੀ ਹਾਦਸਾ ਵਾਪਰਿਆ। ਪੁਲਿਸ ਵੱਲੋਂ ਦੋਵੇਂ ਵਾਹਨਾਂ ਦੇ ਡਰਾਈਵਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਰਾਹੀਂ ਹਾਦਸੇ ਦੀ ਸਚਾਈ ਪਤਾ ਲਗਾਈ ਜਾ ਰਹੀ ਹੈ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕਾਂ 'ਤੇ ਗੱਡੀ ਚਲਾਉਂਦੇ ਹੋਏ ਸਾਵਧਾਨ ਰਹਿਣ ਅਤੇ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ, ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ।

