ਸਮਾਣਾ, 22 ਜੂਨ – ਅੱਜ ਸਵੇਰੇ ਸਮਾਣਾ-ਮਾਇਸਰ ਰੋਡ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ 'ਤੇ ਸਵਾਰ ਦੋ ਨਾਬਾਲਗ ਬੱਚੇ ਵੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਮਾਣਾ ਦੇ ਨੇੜਲੇ ਪਿੰਡ ਚਾਬਾ ਨਾਲ ਸੰਬੰਧਤ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਦੋ ਬੱਚਿਆਂ ਸਮੇਤ ਸਮਾਣਾ ਵੱਲ ਆ ਰਿਹਾ ਸੀ। ਰਸਤੇ ਵਿੱਚ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਕਈ ਵਾਰੀ ਪਲਟੀਆਂ ਮਾਰਦੀ ਹੋਈ ਖੇਤਾਂ ਵਿੱਚ ਜਾ ਡਿੱਗੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੇੜਲੇ ਲੋਕ ਮੌਕੇ 'ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ ।