ਲੁਧਿਆਣਾ, 6 ਜੂਨ 2025: ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਦੱਸ ਦਈਏ ਕਿ ਆਸ਼ੂ ਨੂੰ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਮਗਰੋਂ ਉਹ ਜੇਲ੍ਹ ਵਿਚ ਵੀ ਰਹੇ ਸਨ।ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵਿਰੁੱਧ ਇੱਕ ਹੋਰ ਸਖ਼ਤ ਕਦਮ ਚੁੱਕਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਦੀ ਜ਼ਮੀਨ ਨਾਲ ਜੁੜੇ ਵਿਵਾਦੀ ਮਾਮਲੇ 'ਚ ਤਤਕਾਲ ਅੱਜ ਹੀ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਆਸ਼ੂ ਉੱਤੇ ਸ਼ੱਕ ਹੈ ਕਿ ਉਨ੍ਹਾਂ ਨੇ ਨਾਜਾਇਜ਼ ਫਾਇਦਾ ਚੁੱਕਦੇ ਹੋਏ ਸਰਕਾਰੀ ਜ਼ਮੀਨ ਦੇ ਲੈਣ-ਦੇਣ ਵਿੱਚ ਗ਼ੈਰ-ਕਾਨੂੰਨੀ ਤਰੀਕੇ ਅਪਣਾਏ। ਵਿਜੀਲੈਂਸ ਬਿਊਰੋ ਇਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ ਅਤੇ ਆਸ਼ੂ ਦੀ ਭੂਮਿਕਾ ਨੂੰ ਲੈ ਕੇ ਗੰਭੀਰ ਸਵਾਲ ਉੱਠ ਰਹੇ ਹਨ। ਫ਼ਿਲਹਾਲ ਇਸ ਬਾਰੇ ਭਾਰਤ ਭੂਸ਼ਣ ਆਸ਼ੂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ।

