ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲੁਧਿਆਣਾ ਦੇ ਪਿੰਡ ਅਖਾੜਾ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਸੰਬੰਧੀ ਮਸਲੇ ਦਾ ਪੱਕਾ ਹੱਲ ਲੱਭਣ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ। ਇਹ ਐਲਾਨ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਹੋਈ ਮੁਲਾਕਾਤ ਦੌਰਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਅਤੇ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣੇਗੀ ਅਤੇ ਪੂਰੀ ਜਾਂਚ ਉਪਰੰਤ ਆਪਣੀਆਂ ਸਿਫਾਰਸ਼ਾਂ ਸਰਕਾਰ ਨੂੰ ਪੇਸ਼ ਕਰੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਕੋਈ ਅਣਉਚਿਤ ਕਦਮ ਨਹੀਂ ਚੁੱਕੇਗੀ।
ਉਨ੍ਹਾਂ ਨੇ ਇਹ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਰੋਕਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਪਲਾਂਟ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਨਿਯਮ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।
ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਪਿੰਡ ਦੀ ਸਹਿਮਤੀ ਨਾਲ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ। ਘੁੰਗਰਾਲੀ ਤੋਂ ਆਏ ਨੁਮਾਇੰਦੇ ਨੇ ਆਪਣਾ ਤਜਰਬਾ ਵੀ ਸਾਂਝਾ ਕੀਤਾ। ਅਖਾੜਾ ਪਿੰਡ ਦੇ ਲੋਕਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਮੇਟੀ ਨਾਲ ਪੂਰਾ ਸਹਿਯੋਗ ਕਰਨਗੇ ਤਾਂ ਜੋ ਇਹ ਮਸਲਾ ਸਾਂਝਦਾਰੀ ਨਾਲ ਹੱਲ ਕੀਤਾ ਜਾ ਸਕੇ।