HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ


ਅੰਮ੍ਰਿਤਸਰ, 5 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਇਹ ਪਾਪ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਨਸ਼ਿਆਂ ਕਾਰਨ ਪੰਜਾਬ ਨੂੰ ਹੋਏ ਭਾਰੀ ਨੁਕਸਾਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੀੜਤਾਂ ਦਾ ਘਾਣ ਕਰ ਕੇ ਤਸਕਰਾਂ ਦੇ ਵਧਣ-ਫੁੱਲਣ 'ਤੇ ਸੂਬਾ ਸਰਕਾਰ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਜਾਂ ਢਾਹਿਆ ਜਾ ਰਿਹਾ ਹੈ ਤਾਂ ਜੋ ਇਹ ਹੋਰਾਂ ਨੂੰ ਇਸ ਪਾਸੇ ਆਉਣ ਤੋਂ ਰੋਕੇ।

ਮੁੱਖ ਮੰਤਰੀ ਨੇ 3,500 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 19,000 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕਰਨ ਵਾਲੇ ਵਿਸ਼ਾਲ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਵਿੱਚ ਸੂਬੇ ਦੇ ਹਿੱਸੇ ਵਿੱਚੋਂ 6,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਜੇ ਇਹ ਫੰਡ ਜਾਰੀ ਕੀਤੇ ਜਾਂਦੇ ਹਨ ਤਾਂ ਸੂਬੇ ਦੀ ਹਰ ਸੜਕ ਬਣਾਈ ਜਾ ਸਕਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਕਿਹਾ ਕਿ ਸੂਬਾ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਲਬਧ ਫੰਡਾਂ ਦੀ ਵਧੀਆ ਵਰਤੋਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜਨਤਕ ਜਸ਼ਨ ਅਤੇ ਖ਼ੁਸ਼ੀ ਦੇ ਸਮਾਗਮ ਗਾਇਬ ਹੋ ਗਏ ਸਨ ਅਤੇ ਉਨ੍ਹਾਂ ਨੇ ਵਿਕਾਸ ਤੇ ਖੁਸ਼ਹਾਲੀ ਨੂੰ ਨਜ਼ਰਅੰਦਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਸ਼ਾਸਨਾਂ ਨੇ ਦਹਾਕਿਆਂ ਤੱਕ ਲੋਕਾਂ ਨੂੰ ਧੋਖਾ ਦਿੱਤਾ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕਾ ਪੈਦਾ ਹੋਇਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ਸੱਤਾ ਹੜੱਪਣ ਦੀ ਖੇਡ ਖੇਡਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਆਲੋਚਨਾ ਇਸ ਲਈ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸੜਦੇ ਹਨ।

ਮੁੱਖ ਮੰਤਰੀ ਨੇ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਬਿਨਾਂ ਸਿਰਫ਼ ਯੋਗਤਾ ਦੇ ਆਧਾਰ 'ਤੇ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਕਰੀਆਂ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਿਧਾਇਕਾਂ ਨੂੰ ਦਿੱਤੀਆਂ ਜਾਂਦੀਆਂ ਕਈ-ਕਈ ਪੈਨਸ਼ਨਾਂ ਖਤਮ ਕਰ ਦਿੱਤੀਆਂ, ਜਿਸ ਨਾਲ ਜਨਤਕ ਫੰਡਾਂ ਦੀ ਕਾਫ਼ੀ ਬੱਚਤ ਹੋਈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ 17 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਸ਼ੁਰੂ ਕਰਨ ਉਪਰੰਤ 90 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਪਰਿਵਾਰਾਂ 'ਤੇ ਵਿੱਤੀ ਬੋਝ ਕਾਫ਼ੀ ਘੱਟ ਗਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਘਰੇਲੂ ਖਪਤਕਾਰਾਂ ਤੋਂ ਇਲਾਵਾ ਕਿਸਾਨਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਅਰਥਚਾਰੇ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਸਿੰਚਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦ ਪਾਣੀ ਹੀ ਖੇਤੀਬਾੜੀ ਲਈ ਵਰਤਿਆ ਜਾਂਦਾ ਸੀ, ਜਦੋਂ ਕਿ ਹੁਣ ਇਹ ਵੱਧ ਕੇ 75 ਫ਼ੀਸਦ ਹੋ ਗਿਆ ਹੈ, ਜਿਸ ਨਾਲ ਦੂਰ-ਦਰਾਡੇ ਦੇ ਕਿਸਾਨਾਂ ਲਈ ਵੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਭੂਮੀਗਤ ਪਾਣੀ ਦੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਨੇ ਹਾਈਵੇਅ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਵਿੱਚ ਮਹਿਲਾ ਕਮਚਾਰੀਆਂ ਸਮੇਤ 1,597 ਨਵੇਂ ਭਰਤੀ ਅਤੇ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਸੂਬਿਆਂ ਦੇ ਨਾਲ-ਨਾਲ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਫਾਇਰ ਸਰਵਿਸਿਜ਼ ਵਿੱਚ ਔਰਤਾਂ ਦੀ ਭਰਤੀ ਲਈ ਸਰੀਰਕ ਮਾਪਦੰਡਾਂ ਨੂੰ ਬਦਲਣ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ ਅਤੇ ਪੰਜਾਬ ਅਜਿਹਾ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਜਦਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਪ੍ਰਗਤੀਸ਼ੀਲ ਸੁਧਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਧਾਰਮਿਕ ਵਖਰੇਵਿਆਂ ਵਿੱਚ ਵੰਡੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਨੂੰ ਅਣਗੌਲਿਆਂ ਕਰਦੀਆਂ ਰਹੀਆਂ। ਉਨ੍ਹਾਂ ਨੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਟੈਕਸਾਂ ਦੀ ਉਦਾਹਰਣ ਦਿੱਤੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਮਾਹੌਲ ਹੈ ਜੋ ਵਿਕਾਸ ਲਈ ਅਤਿ ਲੋੜੀਂਦਾ ਤੇ ਮਹੱਤਵਪੂਰਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ, ਪਿਛਲੇ ਤਿੰਨ ਸਾਲਾਂ ਵਿੱਚ ਇੱਕ ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਹੋਏ ਹਨ, ਜਿਸ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਸ਼ਾਨਦਾਰ ਬੁਨਿਆਦੀ ਢਾਂਚੇ, ਹੁਨਰਮੰਦ ਕਾਰਜਬਲ ਅਤੇ ਕਾਰੋਬਾਰ ਅਨੁਕੂਲ ਵਾਤਾਵਰਣ ਕਾਰਨ ਸੰਭਵ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies