ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਅੱਜ 9 ਜੁਲਾਈ ਨੂੰ ਨਵੀਂ ਦਿੱਲੀ ‘ਚ ਕੇਂਦਰ ਦੀ ਮੌਜੂਦਗੀ ‘ਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਮੀਟਿੰਗ ‘ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੁੱਖ ਸਕੱਤਰ ਵੀ ਸ਼ਾਮਲ ਹੋਣਗੇ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਸ ਮੁੱਦੇ 'ਤੇ ਹੁਣ ਤੱਕ ਹੋਈ ਚੌਥੀ ਮੀਟਿੰਗ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ।
ਇਹ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ‘ਚ ਹੋਵੇਗੀ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਆਪਣਾ-ਆਪਣਾ ਪੱਖ ਰੱਖਣਗੇ। ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ 13 ਅਗਸਤ ਨੂੰ ਐੱਸਵਾਈਐੱਲ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੈ। ਇਸ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਐੱਸਵਾਈਐੱਲ ਮੁੱਦੇ ‘ਤੇ ਦੋਵੇਂ ਸੂਬਿਆਂ ਦੀ ਸੁਲਾਹ ਕਰਵਾਉਣ ‘ਚ ਲੱਗ ਗਈ ਹੈ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਐੱਸਵਾਈਐੱਲ ਮੁੱਦੇ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਦੀ ਮੰਤਰੀ ਨੂੰ ਇਸ ਮੁੱਦੇ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹੀ ਜਲ ਸ਼ਕਤੀ ਮੰਤਰੀ ਨੇ ਇਹ ਮੀਟਿੰਗ ਸੱਦੀ ਹੈ।