ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਮੀਂਹਬਾਰੀ ਕਾਰਨ ਦਰਿਆਵਾਂ ਵਿੱਚ ਪਾਣੀ ਦੀ ਮਾਤਰਾ ਵੱਧ ਰਹੀ ਹੈ। ਇਸ ਕਰਕੇ ਪੰਜਾਬ ਦੇ ਦਰਿਆ ਕੰਢੇ ਸਥਿਤ ਇਲਾਕਿਆਂ ਲਈ ਖਤਰੇ ਦੀ ਸਥਿਤੀ ਬਣ ਗਈ ਹੈ। ਕਈ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਚੁੱਕਾ ਹੈ। ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਹੈ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਹੈਲਪਲਾਈਨ ਨੰਬਰ ਵੀ ਜਾਰੀ ਹੋ ਚੁੱਕੇ ਹਨ। ਰਾਵੀ ਦਰਿਆ ਦੇ ਕੰਢੇ ਸਥਿਤ ਡੇਰਾ ਬਾਬਾ ਨਾਨਕ ਅਤੇ ਦੀਨਾ ਨਗਰ ਹਲਕੇ ਦੇ ਕੁਝ ਪਿੰਡਾਂ ਵਿੱਚ ਪਾਣੀ ਵੜਨ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ। ਇਨ੍ਹਾਂ ਪਿੰਡਾਂ ਦੇ ਨਿਵਾਸੀਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਜਾਰੀ ਕੀਤੀ ਗਈ ਹੈ, ਜਦਕਿ ਪ੍ਰਸ਼ਾਸਨ ਨੇ ਯਕੀਨੀ ਦਿਵਾਇਆ ਹੈ ਕਿ ਉਹ ਪੂਰੀ ਤਿਆਰੀ ਵਿੱਚ ਹਨ।