
ਖੰਨਾ (ਲੁਧਿਆਣਾ), 5 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਖੰਨਾ ਦੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਵਾਰਡ ਕਮੇਟੀਆਂ ਦੇ ਮੈਂਬਰਾਂ ਨਾਲ ਅਹਿਮ ਮੀਟਿੰਗਾਂ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।
ਮੰਗਲਵਾਰ ਨੂੰ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਵਾਰਡ ਨੰਬਰ 8, 13 ਅਤੇ 14 ਵਿਖੇ ਵਾਰਡ ਕਮੇਟੀਆਂ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾਂ ਮੀਟਿੰਗ/ਸਮਾਗਮ ਕੀਤੇ ਗਏ। ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਹੁਣ ਆਮ ਆਦਮੀ ਸਿਰ ਉੱਚਾ ਚੁੱਕਕੇ ਤੁਰਦਾ ਹੈ ਜਦਕਿ ਨਸ਼ਾ ਤਸਕਰ ਮੂੰਹ ਛੁਪਾ ਰਹੇ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਜਾਂ ਪੰਜਾਬ ਛੱਡਣ ਜਾਂ ਨਸ਼ਿਆਂ ਦਾ ਕਾਲਾ ਕਾਰੋਬਾਰ।
ਮੰਤਰੀ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਬੀੜਾ ਉਠਾਇਆ ਹੈ ਕਿ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾ ਕੇ ਨਸ਼ਿਆਂ ਦੀ ਮੰਗ ਖਤਮ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਨਸ਼ਾ ਮੁਕਤੀ ਕੇਂਦਰਾਂ ਦੇ ਬਿਸਤਰਿਆਂ ਦੀ ਗਿਣਤੀ ਤਿੱਗਣੀ ਕੀਤੀ ਗਈ ਹੈ ਅਤੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਨੂੰ ਮਾਡਲ ਬਣਾਇਆ ਜਾ ਰਿਹਾ ਹੈ ਤੇ ਹੁਨਰ ਵਿਕਾਸ ਕੇਂਦਰ ਬਣਾ ਕੇ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੇ ਬੀਜ ਪੰਜਾਬ 'ਚ ਬੀਜੇ ਗਏ ਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਸ ਬੂਟੇ ਨੂੰ ਪਾਣੀ ਦਿੱਤਾ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਇਹ ਬੂਟਾ ਜੜੋਂ ਪੁੱਟਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਪੰਜਾਬ 'ਚ ਪਾਣੀ, ਕਿਸਾਨੀ ਤੇ ਨੌਜਵਾਨੀ ਬਚਾਉਣ ਦੀ ਲੜਾਈ ਲੜ ਰਹੀ ਹੈ ਜਦੋਂਕਿ ਭਾਜਪਾ ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਲੱਗੀ ਹੈ ਪਰੰਤੂ ਪੰਜਾਬ ਸਰਕਾਰ ਅਜਿਹੀਆਂ ਕੋਝੀਆਂ ਸਾਜਸ਼ਾਂ ਦਾ ਮੂੰਹ ਤੋੜ ਜਵਾਬ ਦੇਵਗੀ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਭੁਪਿੰਦਰ ਸਿੰਘ ਸੌਂਦ, ਨਸ਼ਾ ਮੁਕਤੀ ਮੋਰਚਾ ਹਲਕਾ ਖੰਨਾ ਦੇ ਕੋਆਰਡੀਨੇਟਰ ਅਤੇ ਕੌਂਸਲਰ ਪਰਮਪ੍ਰੀਤ ਸਿੰਘ, ਕੌਂਸਲਰ ਸਰਵ ਦੀਪ ਕਾਲੀਰਾਓ, ਕੌਂਸਲਰ ਸੁਖਮਨਜੀਤ ਸਿੰਘ, ਓ.ਐਸ.ਡੀ ਕਰਨ ਅਰੋੜਾ, ਬਲਾਕ ਪ੍ਰਧਾਨ ਅਵਤਾਰ ਸਿੰਘ ਮਾਨ, ਬਲਾਕ ਪ੍ਰਧਾਨ ਨੀਸੂ ਕਪਲਾ, ਸਾਬਕਾ ਕੌਂਸਲਰ ਰਜਿੰਦਰ ਜੀਤ ਸਿੰਘ, ਗੁਰਚਰਨ ਸਿੰਘ ਟੀਟੂ, ਗੁਰਦੀਪ ਸਿੰਘ ਦੀਪਾ, ਹਰਜੀਤ ਸਿੰਘ ਭਾਟੀਆ, ਮਲਕੀਤ ਸਿੰਘ ਮੀਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।