ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ। ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਉਨ੍ਹਾਂ ਵੱਲੋਂ ਸੀਬੀਆਈ ਜਾਂਚ ਰੋਕਣ ਲਈ ਦਿੱਤੀ ਗਈ ਪਟੀਸ਼ਨ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਸੀਬੀਆਈ ਜਾਂਚ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ।
ਇਹ ਮਾਮਲਾ 13-14 ਮਾਰਚ ਦੀ ਰਾਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਨੇੜਲੇ ਢਾਬੇ 'ਤੇ ਵਾਪਰਿਆ ਸੀ। ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਨੇ ਦਾਅਵਾ ਕੀਤਾ ਕਿ ਜਦੋਂ ਉਹ ਆਪਣੀ ਕਾਰ ਨੇੜੇ ਖੜੀ ਕਰਕੇ ਖਾਣਾ ਖਾ ਰਹੇ ਸਨ, ਤਾਂ ਕੁਝ ਸਾਦੇ ਕੱਪੜਿਆਂ ਵਾਲੇ ਪੁਲਿਸ ਅਧਿਕਾਰੀ ਉਨ੍ਹਾਂ ਕੋਲ ਆਏ ਅਤੇ ਕਾਰ ਹਟਾਉਣ ਲਈ ਕਹਿਣ ਲੱਗੇ। ਵਾਦ-ਵਿਵਾਦ ਤੋਂ ਬਾਅਦ, ਇੱਕ ਦਰਜਨ ਤੋਂ ਵੱਧ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ।
ਜਦੋਂ ਮਾਮਲਾ ਹਾਈ ਕੋਰਟ ਪਹੁੰਚਿਆ, ਤਦ ਹਾਈ ਕੋਰਟ ਨੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ। ਇਸ ਦੇ ਖਿਲਾਫ਼ ਪੁਲਿਸ ਅਧਿਕਾਰੀਆਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।
ਸੁਣਵਾਈ ਦੌਰਾਨ ਕੋਰਟ ਨੇ ਕੜੇ ਸ਼ਬਦਾਂ ਵਿੱਚ ਪੁਲਿਸ ਦੀ ਨਿੰਦਾ ਕਰਦੇ ਹੋਏ ਕਿਹਾ, “ਜਦੋਂ ਜੰਗ ਹੁੰਦੀ ਹੈ ਤਾਂ ਤੁਸੀਂ ਫੌਜ ਦੀ ਵਾਹ ਵਾਹ ਕਰਦੇ ਹੋ, ਪਰ ਅਮਨ ਦੇ ਸਮੇਂ ਉਨ੍ਹਾਂ ਦੀ ਬੇਇੱਜ਼ਤੀ?” ਕੋਰਟ ਨੇ ਪੁੱਛਿਆ ਕਿ ਜੇ ਤੁਸੀਂ ਦੋਸ਼ੀ ਨਹੀਂ, ਤਾਂ ਜਾਂਚ ਤੋਂ ਡਰ ਕਿਉਂ?
ਸੁਪਰੀਮ ਕੋਰਟ ਨੇ ਐਫਆਈਆਰ ਦੇ ਦਰਜ ਹੋਣ ਵਿੱਚ ਹੋਈ 8 ਦਿਨ ਦੀ ਦੇਰੀ, ਅਤੇ ਪੁਲਿਸ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਇਨਕਾਰ 'ਤੇ ਵੀ ਸਖ਼ਤ ਟਿੱਪਣੀ ਕੀਤੀ।