ਚੰਡੀਗੜ੍ਹ - ਗੁਰਦੁਆਰਾ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੇ ਅਚਾਨਕ ਸਦੀਵੀਂ ਵਿਛੋੜੇ ਕਾਰਨ ਸੰਗਤਾਂ 'ਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤ ਬਲਜਿੰਦਰ ਸਿੰਘ ਨੂੰ ਰਾਤ ਕਰੀਬ 2 ਵਜੇ ਸਾਹ ਲੈਣ ਵਿਚ ਤਕਲੀਫ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਹਸਤਪਾਲ ਲਿਜਾਇਆ ਜਾ ਰਿਹਾ ਸੀ ਤਾਂ ਹਸਪਤਾਲ ਜਾਂਦਿਆਂ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, "ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਅਤੇ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਬਾਬਾ ਬਲਜਿੰਦਰ ਸਿੰਘ ਜੀ ਨੇ ਸਿੱਖ ਪੰਥ ਦੀ ਮਹਾਨ ਸੇਵਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਾਇਆ।ਪਰਮਾਤਮਾ ਅੱਗੇ ਅਰਦਾਸ ਵਿੱਛੜੀ ਪਵਿੱਤਰ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖ਼ਸ਼ਣ।"