ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਸੀਨੀਅਰ ਸੁਪਰਿੰਟੈਂਡੈਂਟ ਆਫ਼ ਪੁਲਿਸ (ਐਸਐਸਪੀ) ਵੱਲੋਂ ਵਰਤੀ ਜਾ ਰਹੀਆਂ ਸਰਕਾਰੀ ਰਿਹਾਇਸ਼ਾਂ ਨੂੰ ਖਾਲੀ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਨੇ ਹੁਣ ਸਰਕਾਰ ਨੂੰ 17 ਨਵੰਬਰ ਤੱਕ ਇਸ ਹੁਕਮ ਦੀ ਕਾਰਵਾਈ ਕਰਨ ਲਈ ਸਮਾਂ ਦਿੱਤਾ ਹੈ।
ਯਾਦ ਰਹੇ ਕਿ 12 ਸਤੰਬਰ ਨੂੰ ਹਾਈਕੋਰਟ ਨੇ ਮਲੇਰਕੋਟਲਾ ਵਿੱਚ ਜੱਜਾਂ ਲਈ ਰਹਾਇਸ਼ ਦੀ ਘਾਟ ਨੂੰ ਧਿਆਨ ਵਿੱਚ ਰੱਖਦੇ ਹੋਏ ਡੀਸੀ ਅਤੇ ਐਸਐਸਪੀ ਨੂੰ ਆਪਣੀਆਂ ਸਰਕਾਰੀ ਰਿਹਾਇਸ਼ਾਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਸਨ। ਕੋਰਟ ਨੇ ਕਿਹਾ ਸੀ ਕਿ ਇਹ ਰਿਹਾਇਸ਼ਾਂ ਹੁਣ ਸੈਸ਼ਨ ਜੱਜ ਅਤੇ ਹੋਰ ਨਿਆਂਇਕ ਅਧਿਕਾਰੀਆਂ ਨੂੰ ਦਿੱਤੀਆਂ ਜਾਣ।
ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਇਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਪਰ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਹੁਕਮਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਸਰਕਾਰ ਚਾਹੇ ਤਾਂ ਕਾਨੂੰਨੀ ਤੌਰ ‘ਤੇ ਇਨ੍ਹਾਂ ਨੂੰ ਚੁਣੌਤੀ ਦੇ ਸਕਦੀ ਹੈ।
ਸੁਣਵਾਈ ਦੌਰਾਨ ਹਾਈਕੋਰਟ ਨੇ ਕੜੇ ਸ਼ਬਦਾਂ ਵਿੱਚ ਪੁੱਛਿਆ ਕਿ ਜਦੋਂ ਮਲੇਰਕੋਟਲਾ ਨੂੰ 2021 ਵਿੱਚ ਜ਼ਿਲ੍ਹਾ ਐਲਾਨਿਆ ਗਿਆ ਸੀ ਤਾਂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਜੱਜਾਂ ਲਈ ਅਦਾਲਤਾਂ ਅਤੇ ਸਰਕਾਰੀ ਰਿਹਾਇਸ਼ਾਂ ਕਿਉਂ ਨਹੀਂ ਬਣਾਈਆਂ ਗਈਆਂ।
ਕੋਰਟ ਦੀ ਬਿਲਡਿੰਗ ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਸਾਲ ਦੇ ਅੰਦਰ ਅਦਾਲਤੀ ਅਧਿਕਾਰੀਆਂ ਲਈ ਨਵੀਆਂ ਰਿਹਾਇਸ਼ਾਂ ਮੁਹੱਈਆ ਨਹੀਂ ਕਰਵਾਈਆਂ ਜਾਂਦੀਆਂ ਤਾਂ ਮਲੇਰਕੋਟਲਾ ਵਿੱਚ ਕਾਰਜਕਾਰੀ ਅਧਿਕਾਰੀਆਂ ਦੀਆਂ ਸਾਰੀਆਂ ਸਰਕਾਰੀ ਰਿਹਾਇਸ਼ਾਂ ਨਿਆਂਇਕ ਅਧਿਕਾਰੀਆਂ ਨੂੰ ਦੇ ਦਿੱਤੀਆਂ ਜਾਣਗੀਆਂ।
ਮਲੇਰਕੋਟਲਾ ਬਾਰ ਐਸੋਸੀਏਸ਼ਨ ਨੇ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ ‘ਤੇ 12 ਸਤੰਬਰ ਨੂੰ ਹਾਈਕੋਰਟ ਨੇ ਇਹ ਮਹੱਤਵਪੂਰਨ ਫ਼ੈਸਲਾ ਸੁਣਾਇਆ ਸੀ।