HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵਧ ਰਿਹਾ ਹੈ ਪੰਜਾਬ: ਵੜਿੰਗ


ਮਾਨਸਾ, 29 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਨੂੰ ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵੱਧਣ ਤੋਂ ਰੋਕਣ ਲਈ ਚੇਤਾਵਨੀ ਦਿੱਤੀ ਹੈ, ਜਿੱਥੇ ਆਏ ਦਿਨ ਫਿਰੌਤੀ ਲਈ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।


ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਹਿਸ਼ਤਗਰਦੀ ਦੇ ਦਿਨਾਂ ਨਾਲੋਂ ਵੀ ਭੈੜਾ ਡਰ ਦਾ ਮਾਹੌਲ ਹੈ, ਕਿਉਂਕਿ ਅਪਰਾਧੀ ਅਤੇ ਗੈਂਗਸਟਰ ਕਾਨੂੰਨ ਦੇ ਡਰ ਤੋਂ ਬਿਨਾਂ ਆਜ਼ਾਦ ਘੁੰਮ ਰਹੇ ਹਨ।


ਇਸ ਲੜੀ ਹੇਠ, ਅਣਪਛਾਤੇ ਬੰਦੂਕਧਾਰੀਆਂ ਵੱਲੋਂ ਇੱਕ ਦੁਕਾਨਦਾਰ ਉੱਪਰ ਫਾਈਰਿੰਗ ਦੀ ਘਟਨਾ ਦੇ ਵਿਰੋਧ ਵਿੱਚ ਬੁਲਾਏ ਗਏ ਮਾਨਸਾ ਬੰਦ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ, ਕਿਉਂਕਿ ਸਰਕਾਰ ਅਤੇ ਪੁਲਿਸ ਨੇ ਆਪਣੀ ਜ਼ਿੰਮੇਵਾਰੀ ਤੋਂ ਹੱਥ ਧੋ ਲਏ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਪੰਜਾਬ ਭਰ ਦੇ ਹਜ਼ਾਰਾਂ ਲੋਕ ਚੁੱਪ-ਚਾਪ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਫਿਰੌਤੀ ਦੇ ਪੈਸੇ ਦੇ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪੁਲਿਸ 'ਤੇ ਕੋਈ ਭਰੋਸਾ ਨਹੀਂ ਹੈ ਕਿ ਇਹ ਉਨ੍ਹਾਂ ਦੀ ਰੱਖਿਆ ਕਰ ਸਕਦੀ ਹੈ। ਉਨ੍ਹਾਂ ਨੇ ਅਬੋਹਰ ਦੇ ਇੱਕ ਕੱਪੜਾ ਵਪਾਰੀ ਦੇ ਕਤਲ ਦੀ ਘਟਨਾ ਦਾ ਹਵਾਲਾ ਵੀ ਦਿੱਤਾ, ਜਿਸਨੂੰ ਫਿਰੌਤੀ ਦੇ ਪੈਸੇ ਦੇਣ ਦੇ ਬਾਵਜੂਦ ਮਾਰ ਦਿੱਤਾ ਗਿਆ ਸੀ।


ਵੜਿੰਗ ਨੇ ਖੁਲਾਸਾ ਕੀਤਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਪਰਾਧੀ ਅਤੇ ਗੈਂਗਸਟਰ ਉਤਸਾਹਿਤ ਮਹਿਸੂਸ ਕਰ ਰਹੇ ਸਨ, ਕਿਉਂਕਿ ਉਨ੍ਹਾਂ ਦੇ ਕਤਲ ਦੇ ਮਾਸਟਰਮਾਈਂਡ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਗੁਜਰਾਤ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਉਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਵੀ ਨਹੀਂ ਲਿਆ ਜਾ ਸਕਦਾ।


ਇਸੇ ਤਰ੍ਹਾਂ, ਉਨ੍ਹਾਂ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਵਿਰੁੱਧ ਚੇਤਾਵਨੀ ਦਿੰਦੇ ਹੋਏ, ਖੁਲਾਸਾ ਕੀਤਾ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਗੈਂਗਸਟਰ ਦੇ ਇੱਕ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਖਾਸ ਉਮੀਦਵਾਰ ਲੋਕਾਂ ਨੂੰ ਉਸ ਗੈਂਗਸਟਰ ਨਾਲ ਗੱਲ ਕਰਨ ਲਈ ਮਜਬੂਰ ਕਰਦਾ ਹੈ, ਜੋ ਸਪੱਸ਼ਟ ਤੌਰ 'ਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦਾ ਹੈ।


ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਇਥੋਂ ਤੱਕ ਕਿ ਤਰਨਤਾਰਨ ਵਿੱਚ ਇੱਕ ਸੜਕ ਕਿਨਾਰੇ ਕੰਮ ਕਰਨ ਵਾਲੇ ਵਿਕਰੇਤਾ ਨਾਲ ਗੱਲਬਾਤ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਖੁਲਾਸਾ ਕੀਤਾ ਕਿ ਉਹ ਸ਼ਾਮ ਦੇ ਸਮੇਂ ਆਪਣੇ ਘਰੋਂ ਬਾਹਰ ਨਿਕਲਣ ਤੋਂ ਵੀ ਡਰ ਰਿਹਾ ਸੀ।


ਸੀਨੀਅਰ ਕਾਂਗਰਸੀ ਆਗੂ ਨੇ ਜ਼ਿਕਰ ਕੀਤਾ ਕਿ ਇਹ ਅੱਤਵਾਦ ਦੇ ਦਿਨਾਂ ਦੀ ਯਾਦ ਦਿਵਾਉਂਦਾ ਹੈ, ਜਦੋਂ ਲੋਕ ਹਨੇਰੇ ਤੋਂ ਪਹਿਲਾਂ ਆਪਣੇ ਘਰਾਂ ਨੂੰ ਵਾਪਸ ਭੱਜ ਜਾਂਦੇ ਸਨ।  ਇਸ ਸਬੰਧ ਵਿੱਚ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਗੰਭੀਰ ਅਤੇ ਦ੍ਰਿੜ ਕਦਮ ਨਾ ਚੁੱਕੇ ਗਏ, ਤਾਂ ਪੰਜਾਬ ਉਸੇ ਸਥਿਤੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਇੱਛਾ ਸ਼ਕਤੀ ਹੋਵੇ, ਤਾਂ ਇੱਕ ਮਹੀਨੇ ਦੇ ਅੰਦਰ-ਅੰਦਰ ਅਪਰਾਧ ਅਤੇ ਗੈਂਗਸਟਰ ਸੱਭਿਆਚਾਰ ਨੂੰ ਖਤਮ ਕੀਤਾ ਜਾ ਸਕਦਾ ਹੈ।


ਜਦਕਿ ਫਾਈਰਿੰਗ ਦਾ ਸ਼ਿਕਾਰ ਹੋਣ ਵਾਲੇ ਦੁਕਾਨਦਾਰ ਦੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕਰਦੇ ਹੋਏ, ਵੜਿੰਗ ਨੇ ਚੇਤਾਵਨੀ ਦਿੱਤੀ ਕਿ ਇਹ ਮੁੱਖ ਮੰਤਰੀ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਮਾਨਸਾ ਦੇ ਐੱਸ.ਐੱਸ.ਪੀ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਜੇਕਰ ਉਨ੍ਹਾਂ ਨਾਲ ਕੁਝ ਵੀ ਅਣਸੁਖਾਵਾਂ ਹੋਇਆ, ਤਾਂ ਉਹ ਜਵਾਬਦੇਹ ਹੋਣਗੇ।

ਇਸ ਮੌਕੇ ਬੋਲਦਿਆਂ, ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਪੱਖਪਾਤੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਅਰਾਜਕਤਾ ਅਤੇ ਕਾਨੂੰਨਹੀਣਤਾ ਦੇ ਦਲਦਲ ਵਿੱਚ ਡਿੱਗਣ ਤੋਂ ਬਚਾਉਣ ਲਈ ਇਕੱਠੇ ਹੋਣ ਦੀ ਅਪੀਲ ਕੀਤੀ।


ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਫੀਡਬੈਕ ਲਈ ਪੰਜਾਬ ਪੁਲਿਸ 'ਤੇ ਨਿਰਭਰ ਨਾ ਰਹਿਣ। ਇਸਦੇ ਨਾਲ ਹੀ, ਉਨ੍ਹਾਂ ਪੰਜਾਬ ਦੀ ਜ਼ਮੀਨੀ ਸਥਿਤੀ ਬਾਰੇ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣ ਲਈ ਇੱਕ ਸਰਬ-ਪਾਰਟੀ ਮੀਟਿੰਗ ਬੁਲਾਉਣ ਦਾ ਸੁਝਾਅ ਵੀ ਦਿੱਤਾ।


ਵੜਿੰਗ ਦੇ ਨਾਲ ਹੋਰ ਸੀਨੀਅਰ ਕਾਂਗਰਸੀ ਆਗੂਆਂ ਸਣੇ ਸਵਰਗੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਲ ਸਨ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies