ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਜ਼ਮੀਨਾਂ ਦੇ ਕਲੈਕਟਰ ਰੇਟਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਅਤੇ ਰੀਅਲ ਅਸਟੇਟ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਵਾਧੇ ਕਾਰਨ ਹੁਣ ਜ਼ਮੀਨ ਦੀ ਰਜਿਸਟਰੀ ਕਰਵਾਉਣਾ ਪਹਿਲਾਂ ਨਾਲੋਂ ਕਾਫ਼ੀ ਮਹਿੰਗਾ ਹੋ ਜਾਵੇਗਾ।
ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਣਜੀਤ ਸਿੰਘ ਜੀਤੀ ਪਟਿਆਲਾ ਨੇ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ, ਖਰੜ ਅਤੇ ਡੇਰਾਬੱਸੀ ਸਮੇਤ ਹੋਰ ਖੇਤਰਾਂ ਵਿੱਚ ਕਲੈਕਟਰ ਰੇਟਾਂ ਵਿੱਚ ਵਾਰ-ਵਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਜਾਇਦਾਦ ਦੀ ਖਰੀਦੋ-ਫਰੋਖਤ 'ਤੇ ਪਵੇਗਾ।
ਪਟਿਆਲਾ ਨੇ ਦੋਸ਼ ਲਾਇਆ ਕਿ ਸਰਕਾਰ ਦਾ ਇਹ ਫੈਸਲਾ ਨਾ ਸਿਰਫ਼ ਆਮ ਲੋਕਾਂ 'ਤੇ ਵਿੱਤੀ ਬੋਝ ਪਾਵੇਗਾ, ਸਗੋਂ ਰੀਅਲ ਅਸਟੇਟ ਉਦਯੋਗ ਅਤੇ ਛੋਟੇ ਨਿਵੇਸ਼ਕਾਂ ਲਈ ਵੀ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਸਿੱਧੇ ਤੌਰ 'ਤੇ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਜਨਹਿਤ ਦੀ ਬਜਾਏ ਕੁਝ ਵੱਡੇ ਪੂੰਜੀਪਤੀਆਂ ਦੇ ਪੱਖ ਵਿੱਚ ਕੰਮ ਕਰ ਰਹੀ ਹੈ।
ਕਾਂਗਰਸ ਪਾਰਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦਾ ਐਲਾਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਲੈਕਟਰ ਰੇਟਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਮ ਲੋਕਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

