ਬਠਿੰਡਾ: ਇੱਕ ਵਾਰ ਫਿਰ ਪੰਜਾਬ ਪੁਲਿਸ ਦੀ ਲਾਪਰਵਾਹੀ ਜੱਗ ਜ਼ਾਹਰ ਹੋਈ ਹੈ। ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਥਾਣੇ ਵਿੱਚ ਦੇਰ ਰਾਤ ਹਿਰਾਸਤ ਵਿੱਚ ਲਿਆ ਗਿਆ ਇੱਕ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਘਟਨਾ ਨੇ ਥਾਣੇ ਦੇ ਅੰਦਰ ਤੁਰੰਤ ਹਫੜਾ-ਦਫੜੀ ਮਚਾ ਦਿੱਤੀ, ਅਤੇ ਮੁਲਜ਼ਮ ਨੂੰ ਦੁਬਾਰਾ ਕਾਬੂ ਕਰਨ ਲਈ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ।
ਯੁੱਧਵੀਰ ਸਿੰਘ ਵਜੋਂ ਪਛਾਣੇ ਗਏ ਮੁਲਜ਼ਮ ਨੂੰ ਕੁੱਝ ਘੰਟਿਆਂ ਦੀ ਭਾਲ ਅਤੇ ਜੱਦੋ-ਜਹਿਦ ਤੋਂ ਬਾਅਦ ਆਖਰਕਾਰ ਪੁਲਿਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ।
ਕੁੱਟਮਾਰ ਦੇ ਦੋਸ਼ ਹੇਠ ਫੜਿਆ ਗਿਆ ਸੀ ਮੁਲਜ਼ਮ
ਮੁਲਜ਼ਮ ਯੁੱਧਵੀਰ ਸਿੰਘ, ਜੋ ਕਿ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ, ਨੂੰ ਇੱਕ ਦਿਨ ਪਹਿਲਾਂ ਹਰਿਆਣਾ ਦੇ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਹੇਠ ਫੜਿਆ ਗਿਆ ਸੀ। ਇਸ ਮਾਮਲੇ ਵਿੱਚ ਪੰਜ ਲੋਕਾਂ ਖਿਲਾਫ ਕੇਸ ਦਰਜ ਸੀ। ਹਾਲਾਂਕਿ, ਥਾਣੇ ਦੀ ਹਿਰਾਸਤ ਵਿੱਚੋਂ ਮੁਲਜ਼ਮ ਦਾ ਭੱਜ ਜਾਣਾ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ 'ਤੇ ਇੱਕ ਵੱਡਾ ਸਵਾਲ ਖੜ੍ਹਾ ਕਰਦਾ ਹੈ।
ਡੀਐਸਪੀ ਤਲਵੰਡੀ ਸਾਬੋ, ਹਰਪ੍ਰੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਯੁੱਧਵੀਰ ਸਿੰਘ ਨੂੰ ਮੁੜ ਕਾਬੂ ਕਰ ਲਿਆ ਗਿਆ ਹੈ ਅਤੇ ਹਿਰਾਸਤ ਵਿਚੋਂ ਭੱਜਣ ਦਾ ਇੱਕ ਹੋਰ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਸਖ਼ਤ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਗੰਭੀਰ ਲਾਪਰਵਾਹੀ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁਲਜ਼ਮ ਨੂੰ ਫੜਨ ਤੋਂ ਬਾਅਦ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜੇ ਵੀ ਪੁਲਿਸ ਮਹਿਕਮੇ ਨੂੰ ਬਹੁਤ ਸੁਧਾਰ ਕਰਨ ਦੀ ਲੋੜ ਹੈ।

