ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਮਾਨਸਾ ਵਿੱਚ ਮੀਟਿੰਗ ਦੌਰਾਨ ਪੰਜ ਦਸੰਬਰ ਨੂੰ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਵੱਡਾ ਐਲਾਨ ਕੀਤਾ ਗਿਆ। ਮੀਟਿੰਗ ਪਿੰਡ ਕੋਟ ਲੱਲੂ ਵਿੱਚ ਹੋਈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਕਿਸਾਨ ਆਗੂਆਂ ਨੇ ਭਾਗ ਲਿਆ। ਕਿਸਾਨ ਆਗੂਆਂ ਨੇ ਇਸ ਮੀਟਿੰਗ ਵਿੱਚ ਸਰਕਾਰ ਵਲੋਂ ਬਿਜਲੀ ਬੋਰਡ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਬਿੱਲ ਨੂੰ ਰੱਦ ਕਰਵਾਉਣ ਅਤੇ 2020 ਦੇ ਕਿਸਾਨੀ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਲੋੜ ਉਠਾਈ।
ਮੀਟਿੰਗ ਦੌਰਾਨ ਕਿਸਾਨ ਨੇਤਾ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਨਾਲ ਹੋਏ ਤਸ਼ੱਦਦ ਅਤੇ ਨੁਕਸਾਨ ਦੀ ਭਰਪਾਈ ਲਈ ਵੀ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਸ ਸਬੰਧੀ ਆਪਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਕਿਸਾਨ ਯੂਨੀਅਨ ਵੱਲੋਂ ਪੰਜ ਦਸੰਬਰ ਨੂੰ ਦੋ ਘੰਟਿਆਂ ਲਈ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ 10 ਅਤੇ 11 ਦਸੰਬਰ ਨੂੰ ਪਿੰਡਾਂ ਵਿਚ ਲੱਗੇ ਚਿੱਪ ਵਾਲੇ ਮੀਟਰਾਂ ਨੂੰ ਪੂੱਟ ਕੇ ਬਿਜਲੀ ਦਫਤਰਾਂ ਨੂੰ ਜਮ੍ਹਾਂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ 17 ਅਤੇ 18 ਦਸੰਬਰ ਨੂੰ ਡਿਸਟ੍ਰਿਕਟ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਉੱਤੇ ਕੋਈ ਸਪੱਸ਼ਟ ਬਿਆਨ ਨਹੀਂ ਜਾਰੀ ਕੀਤਾ ਗਿਆ, ਤਾਂ 19 ਦਸੰਬਰ ਤੋਂ ਲਗਾਤਾਰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਵਹੀਕਲਾਂ ਨੂੰ ਜਬਤ ਕਰਨ ਅਤੇ ਕੁਝ ਲੋਕਾਂ ਦੇ ਘਰੋਂ ਚੀਜ਼ਾਂ ਬਰਾਮਦ ਕਰਨ ਦੇ ਮਾਮਲਿਆਂ ਵਿੱਚ ਜੇਲ੍ਹ ਭੇਜਣ ਦੀਆਂ ਮੰਗਾਂ ਨੂੰ ਵੀ ਉਠਾਇਆ ਜਾ ਰਿਹਾ ਹੈ। ਜੇ ਇਹ ਮਾਮਲੇ ਵੀ ਸਰਕਾਰ ਵੱਲੋਂ ਧਿਆਨ ਵਿੱਚ ਨਹੀਂ ਲਏ ਗਏ, ਤਾਂ ਕਿਸਾਨਾਂ ਦਾ ਪ੍ਰਦਰਸ਼ਨ ਸਰਕਾਰ ਵਿਰੁੱਧ ਲਗਾਤਾਰ ਜਾਰੀ ਰਹੇਗਾ।

