ਭਾਰਤੀ ਚੋਣ ਕਮਿਸ਼ਨ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਕੀਤੀਆਂ ਨੌਂ ਐਫ.ਆਈ.ਆਰਜ਼ ਬਾਰੇ ਗੰਭੀਰਤਾ ਨਾਲ ਨੋਟਿਸ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਮਿਸ਼ਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਗੌਰਵ ਯਾਦਵ ਨੂੰ 25 ਨਵੰਬਰ ਨੂੰ ਆਪਣੇ ਦਿੱਲੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
ਜਾਣਕਾਰੀ ਅਨੁਸਾਰ, ਅਕਾਲੀ ਦਲ ਨੇ ਚੋਣ ਮੁਹਿੰਮ ਦੌਰਾਨ ਆਪਣੇ ਵਰਕਰਾਂ ਖਿਲਾਫ ਰਾਜ ਸਰਕਾਰ ਵੱਲੋਂ ਸਿਆਸੀ ਰੰਜਿਸ਼ ਦੇ ਤਹਿਤ ਝੂਠੇ ਕੇਸ ਦਰਜ ਕਰਨ ਦੇ ਦੋਸ਼ ਲਗਾਏ ਸਨ। ਇਸਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪਹਿਲਾਂ ਹੀ ਤਰਨ ਤਾਰਨ ਹਲਕੇ ਵਿੱਚ ਕਈ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਤਬਦੀਲੀ ਅਤੇ ਮੁਅੱਤਲੀ ਕੀਤੀ ਸੀ, ਪਰ ਅਕਾਲੀ ਦਲ ਦਾ ਕਹਿਣਾ ਹੈ ਕਿ ਇਸਦੇ ਬਾਵਜੂਦ ਉਨ੍ਹਾਂ ਦੇ ਵਰਕਰਾਂ ਨੂੰ ਟਾਰਗੇਟ ਕਰਨ ਦੀ ਕਾਰਵਾਈ ਨਹੀਂ ਰੁਕੀ।
ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ ਨਤੀਜੇ ਆਉਣ ਤੋਂ ਬਾਅਦ ਵੀ ਅਕਾਲੀ ਵਰਕਰਾਂ ’ਤੇ ਬੇਬੁਨਿਆਦ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਇੱਕ ਖਾਸ ਕੇਸ ਦਾ ਹਵਾਲਾ ਵੀ ਦਿੱਤਾ, ਜਿਸ ਵਿੱਚ 15 ਨਵੰਬਰ 2025 ਨੂੰ ਤਰਨ ਤਾਰਨ ਸਿਟੀ ਥਾਣੇ ਵਿੱਚ ਬੀਐਨਐਸ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
ਚੀਮਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਚੋਣ ਆਬਜ਼ਰਵਰ ਰਾਹੀਂ ਇਨ੍ਹਾਂ ਸਾਰੀਆਂ ਐਫ.ਆਈ.ਆਰਜ਼ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਚੋਣੀ ਪ੍ਰਕਿਰਿਆ ’ਤੇ ਲੋਕਾਂ ਦਾ ਭਰੋਸਾ ਬਣਿਆ ਰਹੇ। ਪਾਰਟੀ ਦਾ ਕਹਿਣਾ ਹੈ ਕਿ ਜੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਚੋਣ ਕਮਿਸ਼ਨ ਦੀ ਸਖ਼ਤੀ ਨੂੰ ਚੁਣੌਤੀ ਦੇਣ ਦੇ ਯਤਨ ਜਾਰੀ ਰਹਿਣਗੇ।

