HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ 'ਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, 'ਆਪ' ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ...


ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ 'ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਕਰਦਿਆਂ ਉਹੀ ਜਾਇਦਾਦਾਂ ਨੂੰ ਵਾਪਸ ਹਾਸਲ ਕੀਤਾ।


ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਸੂਬੇ ਵਿੱਚ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਪ੍ਰੋਜੈਕਟ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਇਹ ਨਵੀਂ ਪਹਿਲ ਸੈਲਾਨੀਆਂ ਦੇ ਘੁੰਮਣ-ਫਿਰਨ ਲਈ ਇੱਕ ਹੋਰ ਆਕਰਸ਼ਕ ਸਥਾਨ ਉਪਲੱਬਧ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ 'ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। 

ਪ੍ਰੋਜੈਕਟ ਅਧੀਨ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਬਾਰੇ ਦੱਸਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ 16,000 ਵਰਗ ਫੁੱਟ ਵਿੱਚ ਫੈਲਿਆ ਵਿਸ਼ੇਸ਼ ਖੇਡ ਮੈਦਾਨ ਬਣਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਝੂਲੇ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਲਾਨੀਆਂ ਦੇ ਰਹਿਣ ਲਈ ਚਾਰ ਈਕੋ ਹੱਟਸ ਅਤੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਕੈਫੇਟੇਰੀਆ ਵੀ ਬਣਾਇਆ ਗਿਆ ਹੈ।  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਲੇਰਾਨ ਡੈਮ ਦੇ ਸੁੰਦਰ ਦ੍ਰਿਸ਼ਾਂ ਦਾ ਆਨੰਦ ਲੈਣ ਲਈ ਇੱਕ ਵੱਡਾ ਐਂਫੀਥੀਏਟਰ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਈਕੋ ਟੂਰਿਜ਼ਮ ਨੂੰ ਵੱਡਾ ਹੁਲਾਰਾ ਦੇਣ ਵਿੱਚ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਵਾਤਾਵਰਣ ਸੰਵੇਦਨਸ਼ੀਲਤਾ ਅਤੇ ਜਾਗਰੂਕਤਾ ਨੂੰ ਧਿਆਨ ਵਿੱਚ ਰੱਖ ਕੇ ਵਿਕਸਤ ਕੀਤਾ ਗਿਆ ਹੈ, ਜਿਸ ਵਿੱਚ ਸੈਰ-ਸਪਾਟਾ ਅਤੇ ਮਨੋਰੰਜਕ ਗਤੀਵਿਧੀਆਂ ਲਈ ਵਾਤਾਵਰਣ-ਅਨੁਕੂਲ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਕੰਢੀ ਖੇਤਰਾਂ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਪਿਛਲੀਆਂ ਸਰਕਰਾਂ ਦੇ ਸਮਿਆਂ ਵਿੱਚ ਇਨ੍ਹਾਂ ਖੇਤਰਾਂ ਦੀ ਅਣਦੇਖੀ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀ ਲਗਾਤਾਰ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪੱਛੜੇ ਰਹੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਇਨ੍ਹਾਂ ਖੇਤਰਾਂ, ਜੋ ਆਪਣੀ ਕੁਦਰਤੀ ਸੁੰਦਰਤਾ ਲਈ ਜਾਣੇ ਜਾਂਦੇ ਹਨ, ਵਿਖੇ ਅਣਵਰਤੀਆਂ ਸੈਰ-ਸਪਾਟਾ ਸੰਭਾਵਨਾਵਾਂ ਨੂੰ ਵਰਤੋਂ ਵਿੱਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖੇਤਰ ਨੂੰ ਵਿਕਸਤ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਜਾਰੀ ਹਨ ਤਾਂ ਜੋ ਸੂਬੇ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੇਸ਼ ਭਰ ਅਤੇ ਵਿਦੇਸ਼ਾਂ ਤੋਂ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜੋ ਸਥਾਨਕ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਈ ਵੀ ਅਹਿਮ ਭੂਮਿਕਾ ਨਿਭਾਏਗਾ। 


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ  ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਤੋਂ ਬਾਅਦ ਇਹ ਖੇਤਰ ਅੱਗੇ ਚੱਲ ਕੇ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਉਭਰੇਗਾ ਅਤੇ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਨਕਸ਼ੇ 'ਤੇ ਮਜ਼ਬੂਤੀ ਨਾਲ ਕਾਬਜ਼ ਕਰਨ ਵਿੱਚ ਮਹੱਤਵਪੂਰਨ ਸਿੱਧ ਹੋਵੇਗਾ।  

ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 75 ਛੱਡੇ ਜਾਂ ਖਾਲੀ ਪਏ ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਲਗਭਗ ਇਕ ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕੁਦਰਤ ਤੇ ਐਂਡਵੈਂਚਰ ਪ੍ਰੇਮੀਆਂ ਨੂੰ ਆਕਰਸ਼ਿਤ ਕਰਨ ਲਈ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਦਰਿਆਵਾਂ ਦੇ ਕਿਨਾਰੇ ਰੈਸਟੋਰੈਂਟ ਵੀ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਜਾਇਦਾਦਾਂ ਸੱਤਾ ਵਿੱਚ ਬੈਠੇ ਲੋਕਾਂ ਦੇ ਨਜ਼ਦੀਕੀਆਂ ਨੂੰ ਵੇਚ ਦਿੱਤੀਆਂ ਗਈਆਂ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਇਨ੍ਹਾਂ ਖੇਤਰਾਂ ਨੂੰ ਯੋਜਨਾਬੱਧ ਅਤੇ ਢੁਕਵੇਂ ਢੰਗ ਨਾਲ ਵਿਕਸਤ ਕਰਕੇ ਸੈਰ-ਸਪਾਟਾ ਖੇਤਰ ਨੂੰ ਮਜ਼ਬੂਤੀ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ, ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਵੇਗੀ।

ਸਰਕਾਰ ਦੇ ਵਿਆਪਕ ਸ਼ਾਸਨ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਵਿੱਚ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।, ਜਿਸ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿੱਖਿਆ ਸੁਧਾਰ, ਟੇਲਾਂ 'ਤੇ ਪਾਣੀ, ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਅਤੇ ਸੜਕ ਸੁਰੱਖਿਆ ਫੋਰਸ ਵਰਗੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਆਉਣ ਵਾਲੇ ਬਜਟ ਵਿੱਚ ਵਿਵਸਥਾ ਕਰਕੇ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਵੀ ਪੂਰਾ ਕਰੇਗੀ। ਉਨ੍ਹਾਂ ਉਮੀਦ ਜਤਾਈ ਕਿ ਹਰ ਖੇਤਰ ਵਿੱਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਇੱਕ ਵਿਸ਼ੇਸ਼ ਪੈਕੇਜ ਦੇਵੇਗੀ, ਜਿਸਦਾ ਕਿ ਪੰਜਾਬ ਸੂਬਾ ਪੂਰੀ ਤਰ੍ਹਾਂ ਹੱਕਦਾਰ ਹੈ। 

ਆਰਥਿਕ ਅਤੇ ਖੇਤੀਬਾੜੀ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਪਾਨੀ ਕੰਪਨੀ ਜੀਕਾ (ਜੀ.ਆਈ.ਸੀ.ਏ.) ਨਾਲ ਭਾਈਵਾਲੀ ਕੀਤੀ ਹੈ, ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੁਲਾਰਾ ਦੇਣ ਲਈ 1,300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਿਆਂ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।

ਕਾਨੂੰਨ ਵਿਵਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਾਲੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਮਾਜਿਕ ਅਲ੍ਹਾਮਤਾਂ ਨੂੰ ਜੜ੍ਹੋਂ ਖਤਮ ਕਰਕੇ ਇੱਕ ਸ਼ਾਂਤੀਪੂਰਨ, ਪ੍ਰਗਤੀਸ਼ੀਲ ਤੇ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।


ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ 'ਤੇ ਐਂਟੀ-ਡਰੋਨ ਤਕਨਾਲੋਜੀ ਤਾਇਨਾਤ ਕੀਤੀ ਗਈ ਹੈ, ਜਿਸ ਦੇ ਨਸ਼ਿਆਂ ਅਤੇ ਹਥਿਆਰਾਂ ਦੀ ਆਮਦ ਨੂੰ ਰੋਕਣ ਵਿੱਚ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਰਹੱਦ ਪਾਰੋਂ ਅੱਤਵਾਦ ਅਤੇ ਨਾਰਕੋ-ਅੱਤਵਾਦ ਨੂੰ ਪੂਰੀ ਤਰ੍ਹਾਂ ਨੱਥ ਪਾਉਣਾ ਹੈ। ਇਹ ਕਹਿੰਦਿਆਂ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਇਸ ਤਕਨਾਲੋਜੀ ਨੂੰ ਅਪਣਾਇਆ ਹੈ, ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਫੰਡਾਂ ਦੀ ਹੇਰਾਫੇਰੀ ਅਤੇ ਗਬਨ ਦੀਆਂ ਸੰਭਾਵਨਾਵਾਂ ਨੂੰ ਖ਼ਤਮ ਕਰਕੇ ਜਨਤਕ ਫੰਡਾਂ ਦੀ ਵਰਤੋਂ ਪੂਰੀ ਸੂਝ-ਬੂਝ ਨਾਲ ਲੋਕ-ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਉਦੇਸ਼ ਸੂਬੇ ਦੀ ਤਰੱਕੀ ਅਤੇ ਇਥੋਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਰੋਕੇ ਹੋਏ ਫੰਡਾਂ ਨੂੰ ਤੁਰੰਤ ਜਾਰੀ ਕਰ ਦਿੰਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਰਫ਼ਤਾਰ ਮਿਲੇਗੀ। 

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies