ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਸ਼ਰਧਾ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਬੀਬਾ ਬਾਦਲ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ 'ਡਰਾਮੇਬਾਜ਼ੀ' ਕਰਾਰ ਦਿੱਤਾ।
ਸਰਕਾਰੀ ਸਕੀਮਾਂ 'ਤੇ ਚੁੱਕੇ ਸਵਾਲ
ਬੀਬਾ ਬਾਦਲ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਬੀਬੀਆਂ ਨੂੰ 1000 ਰੁਪਏ ਦੇਣ ਦੇ ਨਾਂ 'ਤੇ ਡਾਟਾ ਇਕੱਠਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਔਰਤ ਨੂੰ ਇੱਕ ਧੇਲਾ ਨਹੀਂ ਮਿਲਿਆ। ਹੁਣ ਸਰਕਾਰ 10 ਲੱਖ ਦੇ ਨਵੇਂ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਮੁਹੱਲਾ ਕਲੀਨਿਕਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਉੱਥੇ ਬਿਠਾ ਕੇ ਸਿਹਤ ਢਾਂਚਾ ਬਰਬਾਦ ਕਰ ਦਿੱਤਾ ਗਿਆ ਹੈ, ਜਿੱਥੇ ਨਾ ਦਵਾਈ ਮਿਲਦੀ ਹੈ ਅਤੇ ਨਾ ਹੀ ਇਲਾਜ। ਕਾਨੂੰਨ ਵਿਵਸਥਾ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਕਤਲ, ਲੁੱਟ-ਖੋਹ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਨਿਰਦੋਸ਼ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਕਰੋੜਾਂ ਦੇ ਇਸ਼ਤਿਹਾਰ ਦੇ ਕੇ 'ਪ੍ਰਹਾਰ' ਵਰਗੀਆਂ ਮੁਹਿੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਹਕੀਕਤ ਵਿੱਚ ਕੋਈ ਵੱਡਾ ਗੈਂਗਸਟਰ ਨਹੀਂ ਫੜਿਆ ਗਿਆ।"
ਜੇਲ੍ਹਾਂ ਵਿੱਚ VIP ਸਹੂਲਤਾਂ ਦਾ ਦੋਸ਼
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਨਾਮੀ ਗੈਂਗਸਟਰਾਂ ਵਿਰੁੱਧ ਸਬੂਤ ਨਾ ਹੋਣ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਛੱਡਿਆ ਜਾ ਰਿਹਾ ਹੈ। ਜੇਲ੍ਹਾਂ ਵਿੱਚ ਗੈਂਗਸਟਰਾਂ ਦੀਆਂ ਇੰਟਰਵਿਊਆਂ ਹੋ ਰਹੀਆਂ ਹਨ ਅਤੇ ਉਨ੍ਹਾਂ ਨੂੰ VIP ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਗੈਂਗਸਟਰਾਂ ਨੂੰ ਫੜਿਆ ਜਾ ਰਿਹਾ ਹੈ ਤਾਂ ਦਿਨ-ਦਿਹਾੜੇ ਹੋ ਰਹੀਆਂ ਮੌਤਾਂ ਅਤੇ ਲੁੱਟਾਂ-ਖੋਹਾਂ ਕਿਉਂ ਨਹੀਂ ਰੁਕ ਰਹੀਆਂ? ਬੀਬਾ ਬਾਦਲ ਨੇ ਕਿਹਾ ਕਿ ਇਹ ਸਰਕਾਰ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਹੈ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਦਾ ਬੁਰਾ ਹਾਲ ਹੈ।

