ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ 25 ਕਿਸਾਨ ਜਥੇਬੰਦੀਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਰੁਲਦਾ ਸਿੰਘ ਮਾਨਸਾ ਅਤੇ ਸਤਨਾਮ ਸਿੰਘ ਅਜਨਾਲਾ ਨੇ ਕੀਤੀ। ਇਸ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦੀ ਵਿਸਤ੍ਰਿਤ ਰਣਨੀਤੀ ਤਿਆਰ ਕੀਤੀ ਗਈ।
ਕਿਸਾਨ ਆਗੂਆਂ ਨੇ ਦੱਸਿਆ ਕਿ 29 ਜਨਵਰੀ ਤੋਂ ਲੋਕ ਸਭਾ ਸੈਸ਼ਨ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਜੇਕਰ ਇਸ ਦੌਰਾਨ ਬਿਜਲੀ ਐਕਟ 2025, ਬੀਜ ਬਿਲ ਜਾਂ ਹੋਰ ਕਿਸਾਨ-ਮਜ਼ਦੂਰ ਮਾਰੂ ਬਿੱਲ ਲਿਆਂਦੇ ਗਏ ਤਾਂ ਤੁਰੰਤ ਪੰਜਾਬ ਪੱਧਰ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਨਾਲ ਹੀ ਸਾਰੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ ਅਤੇ ਕਾਰਪੋਰੇਟ ਘਰਾਣਿਆਂ ਦੇ ਮਾਲਾਂ ਅੱਗੇ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ।
ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ’ਤੇ ਤੁਰੰਤ ਫੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਲੰਬੇ ਸਮੇਂ ਲਈ ਵੀ ਤਿਆਰ ਕੀਤਾ ਜਾ ਸਕਦਾ ਹੈ। ਆਗੂਆਂ ਨੇ ਇਹ ਵੀ ਯਾਦ ਦਿਵਾਇਆ ਕਿ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਤੱਕ ਜਾਣ ਤੋਂ ਰੋਕੇ ਜਾਣ ਦੇ ਪੰਜ ਸਾਲ ਪੂਰੇ ਹੋ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਤਹਿਸੀਲ ਅਤੇ ਬਲਾਕ ਪੱਧਰ ’ਤੇ ਟਰੈਕਟਰ ਮਾਰਚ ਕੱਢੇ ਜਾਣਗੇ।
ਕਿਸਾਨ ਮੋਰਚੇ ਨੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ ਅਤੇ 12 ਫਰਵਰੀ ਨੂੰ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ 26 ਜਨਵਰੀ ਦੇ ਟਰੈਕਟਰ ਮਾਰਚ ਦੀ ਤਿਆਰੀ ਲਈ 22 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ, ਜਦਕਿ ਦੇਸ਼ ਪੱਧਰ ’ਤੇ ਵੀ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

