ਲੁਧਿਆਣਾ ਦੇ ਟੈਗੋਰ ਨਗਰ ਇਲਾਕੇ ਵਿੱਚ ਸਥਿਤ ਸੀਨੀਅਰ ਚਾਰਟਰਡ ਅਕਾਊਂਟੈਂਟ ਅਸ਼ਵਨੀ ਕੁਮਾਰ ਦੀ CA ਫਰਮ ‘ਅਸ਼ਵਨੀ ਐਂਡ ਐਸੋਸੀਏਟਸ’ ’ਤੇ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਚਾਰਟਰਡ ਅਕਾਊਂਟੈਂਟ ਭਾਈਚਾਰੇ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਇਸ ਕਾਰਵਾਈ ਦੇ ਵਿਰੋਧ ਵਜੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਚਾਰਟਰਡ ਅਕਾਊਂਟੈਂਟਾਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਦੌਰਾਨ ਚਾਰਟਰਡ ਅਕਾਊਂਟੈਂਟਾਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਰਾਹੀਂ ਰਾਸ਼ਟਰਪਤੀ ਭਾਰਤ ਦੇ ਨਾਮ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ SIT ਵੱਲੋਂ ਜ਼ਬਤ ਕੀਤੇ ਗਏ ਲੈਪਟਾਪ, DVR ਅਤੇ ਹੋਰ ਅਹਿਮ ਦਸਤਾਵੇਜ਼ ਤੁਰੰਤ ਵਾਪਸ ਕੀਤੇ ਜਾਣ।
ਚਾਰਟਰਡ ਅਕਾਊਂਟੈਂਟਾਂ ਦਾ ਕਹਿਣਾ ਹੈ ਕਿ 9 ਜਨਵਰੀ ਦੀ ਦੇਰ ਰਾਤ SIT ਟੀਮ ਬਿਨਾਂ ਕਿਸੇ ਪੂਰਵ ਸੂਚਨਾ ਦੇ CA ਫਰਮ ’ਤੇ ਪਹੁੰਚੀ ਅਤੇ ਤਲਾਸ਼ੀ ਦੌਰਾਨ ਕੋਈ ਸਪਸ਼ਟ ਸਰਚ ਵਾਰੰਟ ਜਾਂ ਕਾਨੂੰਨੀ ਆਦੇਸ਼ ਪੇਸ਼ ਨਹੀਂ ਕੀਤਾ ਗਿਆ। ਇਸ ਕਾਰਵਾਈ ਨਾਲ ਮੌਕੇ ’ਤੇ ਤਣਾਅ ਦਾ ਮਾਹੌਲ ਬਣ ਗਿਆ, ਪਰ ਇਸ ਦੇ ਬਾਵਜੂਦ SIT ਨੇ ਕਈ ਇਲੈਕਟ੍ਰਾਨਿਕ ਡਿਵਾਈਸਾਂ ਅਤੇ ਰਿਕਾਰਡ ਆਪਣੇ ਕਬਜ਼ੇ ’ਚ ਲੈ ਲਏ।
ਲੁਧਿਆਣਾ CA ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਛਾਪੇਮਾਰੀ ਨਾ ਸਿਰਫ਼ ਕਾਨੂੰਨੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦੀ ਹੈ, ਸਗੋਂ ਚਾਰਟਰਡ ਅਕਾਊਂਟੈਂਟਾਂ ਦੀ ਪੇਸ਼ੇਵਰ ਮਰਿਆਦਾ ਅਤੇ ਕਲਾਇੰਟਾਂ ਦੀ ਗੋਪਨੀਯਤਾ ਲਈ ਵੀ ਖ਼ਤਰਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਜਾਂਚ ਏਜੰਸੀਆਂ ਨੂੰ ਕਿਸੇ ਦਸਤਾਵੇਜ਼ ਦੀ ਲੋੜ ਹੈ ਤਾਂ ਕਾਨੂੰਨੀ ਤਰੀਕੇ ਨਾਲ ਨੋਟਿਸ ਜਾਰੀ ਕਰਨਾ ਚਾਹੀਦਾ ਹੈ।
ਪ੍ਰਦਰਸ਼ਨਕਾਰੀਆਂ ਨੇ ਇਕਸੁਰ ਵਿੱਚ ਕਿਹਾ ਕਿ CA ਭਾਈਚਾਰਾ ਆਪਣੇ ਹੱਕਾਂ, ਕਾਨੂੰਨੀ ਸੁਰੱਖਿਆ ਅਤੇ ਪੇਸ਼ੇ ਦੀ ਇੱਜ਼ਤ ਦੀ ਰੱਖਿਆ ਲਈ ਹਮੇਸ਼ਾ ਇਕਜੁੱਟ ਰਹੇਗਾ ਅਤੇ ਕਿਸੇ ਵੀ ਗੈਰ-ਕਾਨੂੰਨੀ ਕਾਰਵਾਈ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

