ਐਸਵਾਈਐਲ (ਸਤਲੁਜ–ਯਮੁਨਾ ਲਿੰਕ) ਨਹਿਰ ਨਾਲ ਜੁੜੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਲੈ ਕੇ ਚੰਡੀਗੜ੍ਹ ਵਿੱਚ ਇੱਕ ਅਹਿਮ ਅਤੇ ਫੈਸਲਾਕੁੰਨ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਮੰਗਲਵਾਰ, 27 ਜਨਵਰੀ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਆਯੋਜਿਤ ਕੀਤੀ ਜਾਵੇਗੀ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਾਜ਼ਰ ਹੋ ਕੇ ਮਸਲੇ ’ਤੇ ਵਿਚਾਰ-ਵਟਾਂਦਰਾ ਕਰਨਗੇ।
ਇਸ ਮੌਕੇ ਦੋਹਾਂ ਰਾਜਾਂ ਦੇ ਉੱਚ ਪੱਧਰੀ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ, ਜੋ ਤਕਨੀਕੀ ਅਤੇ ਕਾਨੂੰਨੀ ਪੱਖਾਂ ’ਤੇ ਆਪਣੀ ਰਾਏ ਪੇਸ਼ ਕਰਨਗੇ। ਗੌਰਤਲਬ ਹੈ ਕਿ ਐਸਵਾਈਐਲ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਇਸ ਤੋਂ ਪਹਿਲਾਂ 5 ਅਗਸਤ 2025 (ਅਤੇ ਜੁਲਾਈ 2025) ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਵੀ ਇੱਕ ਬੈਠਕ ਹੋ ਚੁੱਕੀ ਹੈ, ਜਿਸ ਵਿੱਚ ਦੋਹਾਂ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਰਹੇ ਸਨ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਦੀ ਵਿਚੋਲਗੀ ਨਾਲ ਪੰਜਾਬ ਅਤੇ ਹਰਿਆਣਾ ਵਿਚਕਾਰ ਗੱਲਬਾਤ ਦੀ ਪ੍ਰਕਿਰਿਆ ਤੇਜ਼ ਹੋਈ ਹੈ। ਮੰਗਲਵਾਰ ਨੂੰ ਹੋਣ ਵਾਲੀ ਇਹ ਮੀਟਿੰਗ ਐਸਵਾਈਐਲ ਨਹਿਰ ਮਸਲੇ ਦੇ ਹੱਲ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ, ਜਿਸ ’ਤੇ ਦੋਹਾਂ ਰਾਜਾਂ ਦੀ ਨਜ਼ਰ ਟਿਕੀ ਹੋਈ ਹੈ।

