
ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨਵਾਂ ਦੇ ਇੱਕ ਪੰਜਾਬੀ ਨੌਜਵਾਨ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਅਤਿ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕੈਨੇਡਾ ਵਿੱਚ ਟੈਕਸੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਇਸ ਖ਼ਬਰ ਨੇ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ, ਉੱਥੇ ਹੀ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ 'ਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਘਟਨਾ ਵਾਲੇ ਦਿਨ ਆਪਣੀ ਟੈਕਸੀ ਵਿੱਚ ਡਿਊਟੀ 'ਤੇ ਤਾਇਨਾਤ ਸੀ। ਇਸੇ ਦੌਰਾਨ ਇੱਕ ਮਹਿਲਾ ਜਾਨ ਬਚਾਉਣ ਲਈ ਉਸ ਦੀ ਕਾਰ ਵਿੱਚ ਆ ਕੇ ਬੈਠ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਹਿਲਾ ਨੂੰ ਕੁਝ ਵਿਅਕਤੀਆਂ ਨੇ ਅਗਵਾ ਕੀਤਾ ਹੋਇਆ ਸੀ ਅਤੇ ਉਹ ਉਨ੍ਹਾਂ ਦੇ ਚੁੰਗਲ ਵਿੱਚੋਂ ਭੱਜ ਕੇ ਟੈਕਸੀ ਵਿੱਚ ਸਵਾਰ ਹੋਈ ਸੀ।
ਹਮਲਾਵਰਾਂ ਨੇ ਪਿੱਛਾ ਕਰਦਿਆਂ ਟੈਕਸੀ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਗੰਭੀਰ ਜ਼ਖਮੀ ਹੋਣ ਕਾਰਨ ਦਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਉਕਤ ਮਹਿਲਾ ਨੂੰ ਮੁੜ ਆਪਣੇ ਨਾਲ ਅਗਵਾ ਕਰਕੇ ਫਰਾਰ ਹੋ ਗਏ।
ਦਵਿੰਦਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਦੌਲਤਪੁਰਾ ਨਵਾਂ ਵਿੱਚ ਚੁੱਲ੍ਹੇ ਨਹੀਂ ਬਲੇ। ਪਿੰਡ ਵਾਸੀਆਂ ਅਨੁਸਾਰ ਦਵਿੰਦਰ ਬੇਹੱਦ ਮਿਹਨਤੀ ਨੌਜਵਾਨ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਵਿਦੇਸ਼ ਵਿੱਚ ਰਹਿ ਕੇ ਆਪਣੇ ਪਰਿਵਾਰ ਨੂੰ ਆਰਥਿਕ ਸਹਿਯੋਗ ਦੇ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ।
ਕੈਨੇਡੀਅਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਅਤੇ ਅਗਵਾ ਕੀਤੀ ਗਈ ਮਹਿਲਾ ਦੀ ਭਾਲ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਦੂਜੇ ਪਾਸੇ, ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦੇ ਪ੍ਰਬੰਧ ਕੀਤੇ ਜਾਣ।
