HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

 

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

– ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਕੀਤਾ ਜਾਵੇਗਾ ਪ੍ਰੇਰਿਤ

ਚੰਡੀਗੜ੍ਹ, 21 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਇਕੱਤਰਤਾ ’ਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪ੍ਰਚਾਰਣ ਲਈ ਜਿੰਮੇਵਾਰ ਸਿੱਖ ਸੰਸਥਾ ਹੈ, ਇਸ ਲਈ ਪੂਰੀ ਕੌਮ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ, ਮਰਯਾਦਾ ਅਤੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਕੌਮੀ ਏਕਤਾ, ਅਨੁਸ਼ਾਸਨ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਆਪਣਾ ਫ਼ਰਜ਼ ਨਿਭਾਏ।

ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਵੱਡੇ ਇਕੱਠ ਕਰੇਗੀ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਦੇ ਸਵਾਗਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਕੌਮੀ ਹਿੱਤਾਂ ਵਾਸਤੇ ਇਸ ਕਾਨੂੰਨ ਵਿਚ ਦਰਜ਼ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਅਤੇ ਇਸ ਦੀ ਹਰ ਵਿਧਾਇਕ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਾਂ ਬਾਰੇ ਗ਼ਲਤ ਬਿਆਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਮੈਨੂੰ ਮਾਣ ਹੈ ਕਿ ਮੈਂ ਆਪਣੇ ਪੁਰਖਿਆਂ ਦੀ ਇਸ ਮਹਾਨ ਜਥੇਬੰਦੀ ਨਾਲ ਜੁੜਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਇਸ ਜਥੇਬੰਦੀ ਦੀ ਸਥਾਪਨਾ ਲਈ ਕੁਰਬਾਨੀਆਂ ਕਰਨ ਵਾਲੇ ਅਤੇ ਇਸ ਵਿਚ ਮਹਾਨ ਯੋਗਦਾਨ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਸਿਜਦਾ ਕਰਦਾ ਹਾਂ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies