HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

– ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਤਾਕੀਦ

ਸ੍ਰੀ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ) – ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ ਪਰੰਤੂ ਮੌਕੇ ਉੱਤੇ ਮੌਜੂਦ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿੱਚ ਫੱਟੜ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਵਿੱਚ ਡੂੰਘਾਈ ਤੱਕ ਜਾਂਚ ਯਕੀਨੀ ਬਣਾਉਣ ਕਿ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਨੇ ਇਸ ਨੂੰ ਵਰਗਲਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਤਾਂ ਨਹੀਂ ਕੀਤਾ ਸੀ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਕੁਝ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੈਲਗਰੀ ਪੁਲਿਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਜਿੱਥੋਂ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸਾਂ ਹੁੰਦੀਆਂ ਹਨ, ਪਰੰਤੂ ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖਤਾ ਪ੍ਰਬੰਧਕ ਰੱਖਣੇ ਗੁਰਦੁਆਰਾ ਪ੍ਰਬੰਧਕਾਂ ਦੀ ਮੁੱਢਲੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪੋ-ਆਪਣੇ ਗੁਰੂ ਘਰਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਹਿੱਤ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਾਲ ਹੀ ਵਿੱਚ ਵਰਲਡ ਸਿੱਖ ਆਰਗਨਾਈਜ਼ੇਸ਼ਨ ਵੱਲੋਂ ਜਾਰੀ ਰਿਪੋਰਟ ਵਿੱਚ ਕੈਨੇਡਾ ਅੰਦਰ ਸਿੱਖਾਂ ਵਿਰੁੱਧ ਜ਼ਮੀਨੀ ਪੱਧਰ ਉੱਤੇ ਅਤੇ ਆਨਲਾਈਨ ਸੋਸ਼ਲ ਮੀਡੀਆ ਮੰਚਾਂ ਉੱਤੇ ਨਫ਼ਰਤ ਤੇ ਵਿਤਕਰੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੇਂ ਦੀ ਲੋੜ ਹੈ ਕਿ ਕੈਨੇਡਾ ਅੰਦਰ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਸੀ ਬੇਲੋੜੇ ਵਿਵਾਦ ਤੇ ਝਗੜਿਆਂ ਨੂੰ ਤਿਆਗ ਕੇ ਇਕਜੁੱਟ ਹੋਣ ਅਤੇ ਚੁਣੌਤੀ ਦਾ ਸਿੱਖ ਸਿਧਾਂਤਾਂ ਦੀ ਰੋਸ਼ਨੀ ਵਿੱਚ ਹੱਲ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵਿਸ਼ਵ ਪੱਧਰ ਉੱਤੇ ਸਿੱਖ ਕੌਮ ਵਿਰੁੱਧ ਕੀਤੀਆਂ ਜਾ ਰਹੀਆਂ ਸਾਜ਼ਸ਼ਾਂ ਨੂੰ ਗੰਭੀਰਤਾ ਨਾਲ ਸਮਝਣ ਅਤੇ ਸਵੈ-ਸੰਭਾਲ ਦੀ ਨੀਤੀ ਤਹਿਤ ਚੱਲਦਿਆਂ ਵਿਲੱਖਣ ਸਿੱਖ ਪਛਾਣ, ਇਤਿਹਾਸ, ਰਵਾਇਤਾਂ, ਸਿਧਾਂਤਾਂ ਅਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਸਿਰ ਜੋੜ ਕੇ ਕੰਮ ਕਰਨ ਦੀ ਲੋੜ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies