ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਦੀ ਸਿਆਸਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਲਗਾਏ ਗਏ ਕਥਿਤ ਰਿਸ਼ਵਤ ਦੇ ਦੋਸ਼ਾਂ ਨੇ ਨਵਾਂ ਮੋੜ ਲੈ ਲਿਆ ਹੈ। 5 ਕਰੋੜ ਦੇ ਦੋਸ਼ਾਂ ’ਤੇ ਡਾ. ਗੁਰਪ੍ਰੀਤ ਕੌਰ ਨੇ ਕਾਨੂੰਨੀ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ ਅਤੇ 24 ਘੰਟਿਆਂ ’ਚ ਜਵਾਬ ਦੇਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਰਾਸ਼ਟਰੀ ਮਨੁੱਖੀ -ਅਧਿਕਾਰ ਕਮਿਸ਼ਨ (NHRC) ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਤੋਂ ਜਾਂਚ ਰਿਪੋਰਟ ਤਲਬ ਕੀਤੀ ਹੈ। ਦੋਸ਼ ਹੈ ਕਿ ਜਬਰ-ਜਨਾਹ ਦੇ ਇੱਕ ਮਾਮਲੇ ਨੂੰ ਦਬਾਉਣ ਜਾਂ ਰਫ਼ਾ-ਦਫ਼ਾ ਕਰਨ ਲਈ 5 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਇਹ ਦੋਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਣਜੀਤ ਸਿੰਘ ਦੀ ਸ਼ਿਕਾਇਤ ਵਿੱਚ ਲਗਾਏ ਗਏ ਹਨ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (DGP) ਨੂੰ ਮਾਮਲੇ ਦੀ ਜਾਂਚ ਕਰਕੇ ਦੋ ਹਫ਼ਤਿਆਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਸੌਂਪਣ ਲਈ ਕਿਹਾ ਹੈ।

