HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
— ਮੁਲਜ਼ਮ ਇਲਾਕੇ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਸਨ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ
—ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਹੋਈ; ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ

ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ, ਵਾਸੀ ਰੋੜਾਂਵਾਲਾ ਖੁਰਦ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ, ਵਾਸੀ ਵੇਰਕਾ-ਮਜੀਠਾ ਬਾਈਪਾਸ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਨਾਜਾਇਜ਼ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਵਿਅਕਤੀ, ਜੋ ਨਾਜਾਇਜ਼ ਪਿਸਤੌਲਾਂ ਅਤੇ ਹੈਰੋਇਨ ਦੀ ਤਸਕਰੀ ਕਰਦੇ ਹਨ, ਅਟਾਰੀ ਖੇਤਰ ਵਿੱਚ ਘੁੰਮ ਰਹੇ ਹਨ।
ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਅਟਾਰੀ-ਝਬਾਲ ਰੋਡ ‘ਤੇ ਸਥਿਤ ਧੁੱਸੀ ਬੰਨ੍ਹ ਟੀ-ਪੁਆਇੰਟ ‘ਤੇ ਨਾਕਾ ਲਗਾਇਆ ਅਤੇ ਐਕਟਿਵਾ ਸਕੂਟਰ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਆਈਜੀਪੀ ਨੇ ਦੱਸਿਆ ਕਿ ਐਕਟਿਵਾ ਸਵਾਰ ਸ਼ੁਭਪ੍ਰੀਤ ਸਿੰਘ ਅਤੇ ਪਿੱਛੇ ਬੈਠੇ ਦੀਪਕ ਸਿੰਘ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਇਸ ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।
ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫ.ਆਈ.ਆਰ. ਨੰਬਰ 388 ਮਿਤੀ 06.09.2026 ਦਰਜ ਕੀਤੀ ਗਈ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies